ਪੱਤਰ ਪ੍ਰੇਰਕ
ਫਰੀਦਕੋਟ, 12 ਸਤੰਬਰ
ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਡੀਸੀ ਡਾ. ਰੂਹੀ ਦੁੱਗ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ। ਡੀਸੀ ਦੁੱਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਇਸ ਨਵੀਂ ਸ਼ੁਰੂਆਤ ਨਾਲ ਖੇਡਾਂ ਵਿੱਚ ਨੌਜਵਾਨਾਂ ਤੇ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਵਧੀਆ ਮੌਕਾ ਮਿਲੇਗਾ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਖੇਡਾਂ 2 ਮਹੀਨੇ ਚੱਲਣਗੀਆਂ।
ਨਿਹਾਲ ਸਿੰਘ ਵਾਲਾ/ਮੋਗਾ (ਪੱਤਰ ਪ੍ਰੇਰਕ): ਇੱਥੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਤਰੀ ਮੁਕਾਬਲਿਆਂ ਦਾ ਉਦਘਾਟਨ ਅੱਜ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਗੋਧੇਵਾਲਾ ਸਟੇਡੀਅਮ ਵਿੱਚ ਕੀਤਾ। ਇਸ ਮੌਕੇ ਜ਼ਿਲ੍ਹੇ ਭਰ ਵਿੱਚੋਂ ਪਹੁੰਚੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਖੇਡ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਦੇ ਮੁੰਡੇ ਕੁੜੀਆਂ ਨਸ਼ਿਆਂ ਦੇ ਜਾਲ ਵਿਚੋਂ ਨਿਕਲ ਕੇ ਖੇਡਾਂ ਵਿੱਚ ਆਪਣਾ ਲੋਹਾ ਮਨਵਾਉਂਦੇ ਨਜ਼ਰ ਆਉਣਗੇ। ਇਸ ਮੌਕੇ ਕਈ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮਾਨਸਾ: ਪਹਿਲੇ ਦਿਨ ਪ੍ਰਦਰਸ਼ਨੀ ਮੁਕਾਬਲੇ ਰਹੇ ਖਿੱਚ ਦਾ ਕੇਂਦਰ
ਮਾਨਸਾ (ਪੱਤਰ ਪ੍ਰੇਰਕ) ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ੁਰੂਆਤੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡੀਸੀ ਬਲਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕਰਵਾਇਆ। ਵਿਧਾਇਕ ਬੁੱਧਰਾਮ (ਬੁਢਲਾਡਾ) ਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਸਰਦੂਲਗੜ੍ਹ) ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪਹਿਲੇ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਵਲ ਔਰਤਾਂ ਲਈ ਕੁਝ ਪ੍ਰਦਰਸ਼ਨੀ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਚਾਟੀ ਦੌੜ, ਸੂਈ-ਧਾਗਾ ਦੌੜ, ਨਿੰਬੂ-ਚੱਮਚ ਦੌੜ ਅਤੇ ਮਿਊਜ਼ਿਕਲ ਚੇਅਰ ਸ਼ਾਮਲ ਸਨ। ਵਿਧਾਇਕ ਬੁਢਲਾਡਾ ਬੁੱਧਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਅੰਦਰ ਚੰਗੇ ਖਿਡਾਰੀ ਪੈਦਾ ਕਰਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟਣ ਦੇ ਮੰਤਵ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਹੈ।
ਬਰਾਨਾਲਾ: ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ 6,100 ਤੋਂ ਵੱਧ ਰਜਿਸਟ੍ਰੇਸ਼ਨ
ਬਰਨਾਲਾ (ਖੇਤਰੀ ਪ੍ਰਤੀਨਿਧ): ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਡੀਸੀ ਡਾ. ਹਰੀਸ਼ ਨਈਅਰ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਖੇਡ ਵਿਭਾਗ ਸਣੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡੀਸੀ ਨੇ ਕਿਹਾ ਕਿ ਇਹ ਮੁਕਾਬਲੇ ਇਸੇ ਹਫਤੇ ਸ਼ੁਰੂ ਹੋਣਗੇ। ਲਗਭਗ 22 ਤਰ੍ਹਾਂ ਦੇ ਮੁਕਾਬਲੇ ਹੋਣੇ ਹਨ, ਜਿਸ ਵਾਸਤੇ ਹੁਣ ਤੱਕ 6100 ਤੋਂ ਵੱਧ ਆਨਲਾਈਨ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਤੇ ਆਫਲਾਈਨ ਰਜਿਸਟ੍ਰੇਸ਼ਨ ਦੀ ਵੀ ਸਹੂਲਤ ਹੈ। ਇਹ ਮੁਕਾਬਲੇ ਪੱਕਾ ਬਾਗ ਸਟੇਡੀਅਮ ਧਨੌਲਾ, ਸਰਕਾਰੀ ਕੰਨਿਆ ਹਾਈ ਸਕੂਲ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਵਾਈ ਐਸ ਹੰਡਿਆਇਆ ਸਕੂਲ, ਐਸਡੀ ਕਾਲਜ ਬਰਨਾਲਾ, ਬਾਬਾ ਕਾਲਾ ਮਹਿਰ ਸਟੇਡੀਅਮ, ਸਰਕਾਰੀ ਸਕੂਲ ਭਦੌੜ ਆਦਿ ਵਿੱਚ ਕਰਵਾਏ ਜਾਣਗੇ।