ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵਿਸ਼ਵ ਕ੍ਰਿਕਟ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸ਼ੈਫਾਲੀ ਵਰਮਾ ਨਾਲ ਚੰਡੀਗੜ੍ਹ ’ਚ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਉਨ੍ਹਾਂ ਸ਼ੈਫਾਲੀ ਵਰਮਾ ਨੂੰ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਸਨਮਾਨ ਵਜੋਂ 1.5 ਕਰੋੜ ਰੁਪਏ ਦਾ ਚੈੱਕ ਸੌਂਪਿਆ। ਹਰਿਆਣਾ ਰਾਜ ਮਹਿਲਾ ਆਯੋਗ ਵੱਲੋਂ ਕ੍ਰਿਕਟਰ ਸ਼ੈਫਾਲੀ ਵਰਮਾ ਨੂੰ ਆਪਣਾ ਬ੍ਰਾਂਡ ਅੰਬੈਸਡਰ ਵੀ ਬਣਾਇਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਵਿਪੁਲ ਗੋਇਲ ਤੇ ਕ੍ਰਿਕਟਰ ਸ਼ੈਫਾਲੀ ਵਰਮਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।
ਸ੍ਰੀ ਸੈਣੀ ਨੇ ਸ਼ੈਫਾਲੀ ਵਰਮਾ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ੈਫਾਲੀ ਨੇ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਮਾਣ ਵਧਾਇਆ ਹੈ, ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ। ਸਰਕਾਰ ਨੇ ਸੂਬੇ ਵਿੱਚ 2 ਹਜ਼ਾਰ ਖੇਡ ਨਰਸਰੀਆਂ ਖੋਲ੍ਹੀਆਂ ਹਨ ਜਿੱਥੇ ਨੌਜਵਾਨਾਂ ਨੂੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਹਰਿਆਣਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਹੋਰ ਵੀ ਅਹਿਮ ਫੈਸਲੇ ਲਏ ਜਾਣਗੇ। ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਆਈ ਸੀ ਸੀ ਇੱਕ ਰੋਜ਼ਾ ਵਿਸ਼ਵ ਕੱਪ (ਮਹਿਲਾਵਾਂ) ਵਿੱਚ ਭਾਰਤੀ ਟੀਮ ਨੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਇਤਿਹਾਸ ਰਚਿਆ ਸੀ।

