‘ਖੇਡਾਂ ਵਤਨ ਪੰਜਾਬ ਦੀਆਂ’ 3 ਤੋਂ
ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2025’ ਤਹਿਤ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਉਣ ਦੀ ਸਮਾਂ ਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਕਰਵਾਈਆਂ ਜਾਣਗੀਆਂ। ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਟਾਰਚ ਰਿਲੇਅ ਕੀਤੀ ਜਾਣੀ ਹੈ, ਜੋ 20 ਅਗਸਤ ਨੂੰ ਸਵੇਰੇ 10 ਵਜੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂ ਹੋਵੇਗੀ। ਇਹ ਟਾਰਚ ਰਿਲੇਅ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਹੁੰਦੀ ਹੋਈ 29 ਅਗਸਤ ਨੂੰ ਹੁਸ਼ਿਆਰਪੁਰ ਵਿੱਚ ਸਮਾਪਤ ਹੋਵੇਗੀ, ਜਿੱਥੇ ਉਦਘਾਟਨੀ ਸਮਾਗਮ ਹੋਵੇਗਾ। ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵੱਧ ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਇਹ ਖੇਡਾਂ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਇਹ ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣਾ ਹੁਨਰ ਹੋਰ ਨਿਖ਼ਾਰਨ ਦਾ ਮੌਕਾ ਦੇਣਗੀਆਂ।