ਬਰਮਿੰਘਮ, 9 ਜੁਲਾਈ
ਭਾਰਤ ਨੇ ਅੱਜ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ਗੁਆ ਕੇ 170 ਦੌੜਾਂ ਬਣਾਈਆਂ। ਟੀਮ ਵੱਲੋਂ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ ਜਦਕਿ ਕਪਤਾਨ ਰੋਹਿਤ ਸ਼ਰਮਾ ਨੇ 31 ਅਤੇ ਰਿਸ਼ਭ ਪੰਤ ਨੇ 26 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਵੱਲੋਂ ਕ੍ਰਿਸ ਜੌਰਡਨ 4 ਅਤੇ ਰਿਚਰਡ ਗਲੀਸਨ ਨੇ 3 ਵਿਕਟਾਂ ਹਾਸਲ ਕੀਤੀਆਂ। ਬਾਅਦ ਵਿੱਚ ਭਾਰਤੀ ਗੇਂਦਬਾਜ਼ਾਂ ਨੇ ਜਿੱਤ ਲਈ 171 ਦੌੜਾਂ ਦਾ ਟੀਚਾ ਹਾਸਲ ਕਰਨ ਉੱਤਰੀ ਇੰਗਲੈਂਡ ਦੀ ਟੀਮ ਨੂੰ 17 ਓਵਰਾਂ ਵਿੱਚ 121 ਦੌੜਾਂ ’ਤੇ ਹੀ ਆਊਟ ਕਰ ਦਿੱਤਾ। ਇੰਗਲੈਂਡ ਵੱਲੋਂ ਮੋਇਨ ਅਲੀ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ। ਭਾਰਤ ਵੱਲੋਂ ਭੁਵਨੇਸ਼ਵਰ ਕੁਮਾਰ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ ਜਿਸ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ। ਵੀਰਵਾਰ ਨੂੰ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ 50 ਦੌੜਾਂ ਨਾਲ ਜਿੱਤ ਹਾਸਲ ਕੀਤੀ ਸੀ। ਲੜੀ ਦਾ ਤੀਜਾ ਤੇ ਆਖਰੀ ਟੀ-20 ਮੈਚ ਐਤਵਾਰ 10 ਜੁਲਾਈ ਨੂੰ ਖੇਡਿਆ ਜਾਵੇਗਾ।