ਧੂਰੀ: ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ ਨੇ ਧੂਰੀ ਦੇ ਨੇੜਲੇ ਪਿੰਡ ਰੁੜਗੜ੍ਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਖਿਡਾਰੀਆਂ ਨੂੰ ਕ੍ਰਿਕਟ ਦੇ ਗੁਰ ਸਿਖਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਖੇਡਾਂ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਅੰਦਰ ਕ਼ਰੀਬ 750 ਨਵੇਂ ਖੇਡ ਸਟੇਡੀਅਮ ਬਣਾਉਣ ਜਾ ਰਹੀ ਹੈ ਜਿਸ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਆਪਣੇ ਹਲਕੇ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਉਨ੍ਹਾਂ ਦਾ ਸਨਮਾਨ ਕੀਤਾ। -ਖੇਤਰੀ ਪ੍ਰਤੀਨਿਧ