ਪ੍ਰਧਾਨ ਦੇ ਅਸਤੀਫ਼ੇ ਤੱਕ Jantar Mantar ਤੋਂ ਨਹੀਂ ਹਿੱਲਾਂਗਾ: ਦੀਪਕੇ
ਸੀ ਜੇ ਪੀ ਦੇ ਬਾਨੀ ਨੇ ਦਿੱਲੀ ਪੁਲੀਸ ਤੋਂ ਪ੍ਰਦਰਸ਼ਨ ਅੱਗੇ ਵਧਾਉਣ ਦੀ ਮਨਜ਼ੂਰੀ ਮੰਗੀ; ਪੁਲੀਸ ਨੇ ਮਨਜ਼ੂਰੀ ਦੀ ਮਿਆਦ ਵਧਾਉਣ ਤੋਂ ਇਨਕਾਰ ਕੀਤਾ
ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਅੱਜ ਕਿਹਾ ਕਿ ਉਹ ਉਦੋਂ ਤੱਕ ਜੰਤਰ-ਮੰਤਰ ਤੋਂ ਨਹੀਂ ਜਾਣਗੇ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦੇ ਦਿੰਦੇ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਪੁਲੀਸ ਤੋਂ ਪ੍ਰਦਰਸ਼ਨ ਜਾਰੀ ਰੱਖਣ ਲਈ ਇਜਾਜ਼ਤ ਦੀ ਮਿਆਦ ਵਧਾਉਣ ਦੀ ਮੰਗ ਕੀਤੀ। ਹਾਲਾਂਕਿ, ਪੁਲੀਸ ਨੇ ਧਰਨਾ-ਪ੍ਰਦਰਸ਼ਨ ਦੀ ਮਨਜ਼ੂਰੀ ਦੀ ਮਿਆਦ ਅੱਗੇ ਵਧਾਉਣ ਤੋਂ ਇਨਕਾਰ ਕਰ ਦਿੱਤਾ। ਉਹ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ, ਵਾਰ-ਵਾਰ ਪੇਪਰ ਲੀਕ ਹੋਣ ਦੇ ਮਾਮਲਿਆਂ ਅਤੇ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਲਈ ਇੱਥੇ ਕੌਕਰੋਚ ਜਨਤਾ ਪਾਰਟੀ ਦੇ ਦੂਜੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀਆਂ ਅਤੇ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਾਤਾਵਰਨ ਪ੍ਰੇਮੀ ਤੇ ਸਿੱਖਿਆ ਸ਼ਾਸਤਰੀ ਸੋਨਮ ਵਾਂਗਚੁਕ, ਅਦਾਕਾਰ ਸੁਧੀਰ ਸਾਂਗਵਾਨ ਅਤੇ ਦਿੱਲੀ ਹਾਈ ਕੋਰਟ ਦੇ ਵਕੀਲ ਦਿਲਸ਼ਾਦ ਚੌਧਰੀ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਦੀਪਕੇ ਨੇ ਕਿਹਾ, ‘‘ਮੈਂ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ, ਕਿਉਂਕਿ ਦੇਸ਼ ਭਰ ਤੋਂ ਨੌਜਵਾਨ ਇੱਥੇ ਪਹੁੰਚੇ ਹੋਏ ਹਨ। ਉਹ ਉਦੋਂ ਤੱਕ ਇੱਥੇ ਬੈਠਣਾ ਚਾਹੁੰਦੇ ਹਨ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਮੈਂ ਦਿੱਲੀ ਪੁਲੀਸ ਨੂੰ ਪ੍ਰਦਰਸ਼ਨ ਕਰਨ ਦੀ ਦਿੱਤੀ ਇਜਾਜ਼ਤ ਦੀ ਮਿਆਦ ਵਧਾਉਣ ਦੀ ਬੇਨਤੀ ਕਰਦਾ ਹਾਂ। ਪ੍ਰਦਰਸ਼ਨ ਬਿਲਕੁਲ ਸ਼ਾਂਤੀਪੂਰਨ ਰਿਹਾ ਹੈ; ਅਸੀਂ ਸਿਰਫ਼ ਮਾਸੂਮ ਵਿਦਿਆਰਥੀ ਹਾਂ ਜੋ ਇੱਥੇ ਬੈਠਣਾ ਚਾਹੁੰਦੇ ਹਨ।’’
ਨੌਜਵਾਨ ਆਗੂ ਨੇ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ, ਪਰ ਇੱਕੋ-ਇੱਕ ਸ਼ਰਤ ਇਹ ਹੈ ਕਿ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਪੁਲੀਸ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਅਤੇ ਦਾਅਵਾ ਕੀਤਾ ਕਿ ਜੇ ਗ੍ਰਿਫ਼ਤਾਰੀਆਂ ਹੁੰਦੀਆਂ ਹਨ, ਤਾਂ ਸਭ ਤੋਂ ਪਹਿਲਾਂ ਉਹ ਆਪਣੀ ਗ੍ਰਿਫ਼ਤਾਰੀ ਦੇਣਗੇ।
ਦਿੱਲੀ ਪਹੁੰਚਣ ਤੋਂ ਪਹਿਲਾਂ ਦੀਪਕੇ ਨੇ ਨੀਟ ਮੁੜ-ਪ੍ਰੀਖਿਆ ਤੋਂ ਪਹਿਲਾਂ ਟੈਲੀਗ੍ਰਾਮ ਨੂੰ ਅਸਥਾਈ ਤੌਰ ’ਤੇ ਬੰਦ ਕਰਨ ਦੇ ਸਰਕਾਰ ਦੇ ਫ਼ੈਸਲੇ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੈਸੇਜਿੰਗ ਪਲੈਟਫਾਰਮ ’ਤੇ ਪਾਬੰਦੀ ਲਾਉਣਾ ਸੜਕ ਦੀ ਮੁਰੰਮਤ ਕਰਨ ਦੀ ਬਜਾਏ ਟੋਇਆਂ ਕਾਰਨ ਪੂਰੀ ਸੜਕ ਨੂੰ ਬੰਦ ਕਰਨ ਦੇ ਬਰਾਬਰ ਹੈ। ਦੀਪਕੇ ਨੇ ਸਪੱਸ਼ਟ ਕੀਤਾ ਕਿ ਕੌਕਰੋਚ ਜਨਤਾ ਪਾਰਟੀ ਦਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ। ਸਮਰਥਕਾਂ ਨੇ ਦੀਪਕੇ ਦੇ ਸੱਦੇ ’ਤੇ ਥਾਲ ਅਤੇ ਚਮਚੇ ਲਿਆ ਕੇ ਪ੍ਰਦਰਸ਼ਨ ਦੇ ਪ੍ਰਤੀਕ ਵਜੋਂ ਉਨ੍ਹਾਂ ਨੂੰ ਖੜਕਾਇਆ।
ਪ੍ਰਦਰਸ਼ਨ ਦੇ ਮੱਦੇਨਜ਼ਰ ਕੌਮੀ ਰਾਜਧਾਨੀ ’ਚ ਸਖ਼ਤ ਸੁਰੱਖਿਆ ਪ੍ਰਬੰਧ
ਇੱਥੇ ਜੰਤਰ-ਮੰਤਰ ਵਿਖੇ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਦੂਜੇ ਵਿਰੋਧ ਮੁਜ਼ਾਹਰੇ ਦੇ ਮੱਦੇਨਜ਼ਰ ਦਿੱਲੀ ਭਰ ’ਚ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਕੱਠ ਦੀ ਨੇੜਿਓਂ ਨਿਗਰਾਨੀ ਕਰਨ ਲਈ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਸੀ ਸੀ ਟੀ ਵੀ ਕੈਮਰੇ ਲਾਏ ਹੋਏ ਸਨ। ਪ੍ਰਦਰਸ਼ਨ ਦੌਰਾਨ ਘਟਨਾਵਾਂ ਨੂੰ ਰਿਕਾਰਡ ਕਰਨ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਬੌਡੀ ਕੈਮਰਿਆਂ ਨਾਲ ਲੈਸ ਤਕਰੀਬਨ 270 ਪੁਲੀਸ ਮੁਲਾਜ਼ਮ ਤਾਇਨਾਤ ਸਨ। ਮੁਜ਼ਹਰੇ ਦੀ ਵੀਡੀਓਗ੍ਰਾਫੀ ਕਰਨ ਲਈ ਦਿੱਲੀ ਪੁਲੀਸ ਨੇ ਵੀਡੀਓਗ੍ਰਾਫਰ ਤਾਇਨਾਤ ਕੀਤੇ ਹੋਏ ਸਨ। ਕੇਂਦਰੀ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਜੰਤਰ-ਮੰਤਰ ਤੇ ਨੇੜਲੀਆਂ ਸੜਕਾਂ ਦੇ ਆਲੇ-ਦੁਆਲੇ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲੀਸ ਨੇ ਚੌਕਸੀ ਵਜੋਂ ਸ਼ਹਿਰ ਦੇ ਮੁੱਖ ਦਾਖ਼ਲਾ ਪੁਆਇੰਟਾਂ ਅਤੇ ਨਿਕਾਸੀ ਪੁਆਇੰਟਾਂ ’ਤੇ ਵਾਹਨਾਂ ਦੀ ਜਾਂਚ ਕੀਤੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
