1984 anti-Sikh riots: ਸੱਜਣ ਕੁਮਾਰ ਖ਼ਿਲਾਫ਼ ਕਤਲ ਕੇਸ ਵਿੱਚ 21 ਜਨਵਰੀ ਨੂੰ ਫੈਸਲਾ ਆਉਣ ਦੀ ਸੰਭਾਵਨਾ
1984 anti-Sikh riots
ਨਵੀਂ ਦਿੱਲੀ, 8 ਜਨਵਰੀ
ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ ਆਪਣਾ ਫੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੀ ਕਥਿਤ ਹੱਤਿਆ ਨਾਲ ਜੁੜਿਆ ਹੋਇਆ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਫੈਸਲਾ ਟਾਲਦਿਆਂ ਅਗਲੀ ਤਰੀਕ 21 ਜਨਵਰੀ ਤੈਅ ਕੀਤੀ ਹੈ। ਸੱਜਣ ਕੁਮਾਰ ਜੋ ਇਸ ਸਮੇਂ ਤਿਹਾੜ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ।
ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪੰਜਾਬੀ ਬਾਗ ਥਾਣਾ ਦੀ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਸੰਭਾਲ ਲਈ।
16 ਦਸੰਬਰ 2021 ਨੂੰ ਅਦਾਲਤ ਨੇ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ। ਇਸਤਗਾਸਾ ਪੱਖ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ ’ਤੇ ਲੁੱਟਮਾਰ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕੀਤਾ।
ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ’ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ, ਇਸ ਤੋਂ ਇਲਾਵਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ।-ਪੀਟੀਆਈ