Budget 2025 ਕੇਂਦਰੀ ਕੈਬਨਿਟ ਵੱਲੋਂ ਬਜਟ ਨੂੰ ਮਨਜ਼ੂਰੀ
ਨਵੀਂ ਦਿੱਲੀ, 1 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2025-26 ਲਈ ਆਮ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਦੂਜਾ ਬਜਟ ਹੈ। ਕੈਬਨਿਟ ਮੀਟਿੰਗ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿ ਇਹ ਆਮ ਲੋਕਾਂ ਦਾ ਬਜਟ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ ਵਿਚ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ ਵਜੋਂ ਕੇਂਦਰੀ ਬਜਟ ਦੀ ਇਕ ਕਾਪੀ ਉਨ੍ਹਾਂ ਨੂੰ ਸੌਂਪੀ। ਰਾਸ਼ਟਰਪਤੀ ਮੁਰਮੂ ਨੇ ਦਹੀਂ ਚੀਨੀ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ।
ਵਿੱਤ ਮੰਤਰੀ ਸੀਤਾਰਮਨ ਸਵੇਰੇ 11 ਵਜੇ ਸੰਸਦ ਵਿਚ ਕੇਂਦਰੀ ਬਜਟ ਪੇਸ਼ ਕਰਨਗੇ। ਉਂਜ ਸਾਢੇ ਦਸ ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ਵਿਚ ਕੇਂਦਰੀ ਬਜਟ ਨੂੰ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
ਇਸ ਦੌਰਾਨ ਕੇਂਦਰੀ ਬਜਟ ਦੀਆਂ ਕਾਪੀਆਂ ਸੰਸਦ ਭਵਨ ਪਹੁੰਚ ਗਈਆਂ ਹਨ।