Chandigarh Mayor Elections ਚੰਡੀਗੜ੍ਹ ਦੇ ਮੇਅਰ ਦੀ 24 ਜਨਵਰੀ ਨੂੰ ਹੋਣ ਵਾਲੀ ਚੋਣ ਰੱਦ
ਮੁਕੇਸ਼ ਕੁਮਾਰ
ਚੰਡੀਗੜ੍ਹ, 20 ਜਨਵਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ 29 ਜਨਵਰੀ ਤੋਂ ਬਾਅਦ ਕਰਵਾਉਣ ਦੇ ਹੁਕਮ ਦਿੱਤੇ ਹਨ। ਇਹੀ ਨਹੀਂ ਹਾਈ ਕੋਰਟ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਹੱਥ ਖੜ੍ਹੇ ਕਰਕੇ ਚੋਣਾਂ ਕਰਵਾਉਣ ਦੇ ਮਾਮਲੇ ਦੀ ਪੜਚੋਲ ਕਰਨ ਦੇ ਹੁਕਮ ਵੀ ਦਿੱਤੇ ਹਨ। ਉਧਰ ਹਾਈ ਕੋਰਟ ਦੇ ਫੈਸਲੇ ਤੋਂ ਪਹਿਲਾਂ ਕੌਂਸਲਰ ਹਰਪ੍ਰੀਤ ਬਬਲਾ ਨੂੰ ਭਾਜਪਾ ਵੱਲੋਂ ਮੇਅਰ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬਿਮਲਾ ਦੂਬੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਹਨ ਅਤੇ ਲਖਬੀਰ ਸਿੰਘ ਬਿੱਲੂ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਹਨ। ਭਾਜਪਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਦੂਜੇ ਪਾਸੇ, ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਲਈ ਜਸਬੀਰ ਬੰਟੀ ਅਤੇ ਡਿਪਟੀ ਮੇਅਰ ਲਈ ਤਰੁਣਾ ਮਹਿਤਾ ਦਾ ਨਾਮ ਫਾਈਨਲ ਕਰ ਲਿਆ ਹੈ। ਆਮ ਆਦਮੀ ਪਾਰਟੀ ਜਲਦੀ ਹੀ ਮੇਅਰ ਦੇ ਅਹੁਦੇ ਲਈ ਨਾਮ ਦਾ ਐਲਾਨ ਕਰੇਗੀ। ‘ਇੰਡੀਆ’ ਗਠਜੋੜ ਤਹਿਤ ਮੇਅਰ ਦਾ ਉਮੀਦਵਾਰ ਆਮ ਆਦਮੀ ਪਾਰਟੀ ਤੋਂ ਹੋਵੇਗਾ ਅਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਕਾਂਗਰਸ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਜਾਣਗੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਮੇਅਰ ਕੁਲਦੀਪ ਕੁਮਾਰ ਨੇ ਮੇਅਰ ਦੀ ਚੋਣ 24 ਜਨਵਰੀ ਨੂੰ ਕਰਵਾਉਣ ਦੇ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਕੁਮਾਰ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦਾ ਬਤੌਰ ਮੇਅਰ ਇਕ ਸਾਲ ਦਾ ਕਾਰਜਕਾਲ 29 ਫਰਵਰੀ ਨੂੰ ਪੂਰਾ ਹੋ ਰਿਹਾ ਹੈ। ਇਸ ਲਈ ਇਸ ਤੋਂ ਪਹਿਲਾਂ ਚੋਣਾਂ ਨਹੀਂ ਕਰਵਾਣੀਆਂ ਜਾਣੀਆਂ ਚਾਹੀਦੀਆਂ। ਇਸ ਦੇ ਨਾਲ ਹੀ ਉਨ੍ਹਾਂ ਮੇਅਰ ਦੀ ਚੋਣ ਵੈਲਿਡ ਪੇਪਰ ਦੀ ਥਾਂ ਕੌਂਸਲਰਾਂ ਵੱਲੋਂ ਹੱਥ ਖੜੇ ਕਰਵਾ ਕੇ ਕਰਵਾਉਣ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਪਿਛਲੀ ਵਾਰੀ ਮੇਅਰ ਦੀ ਚੋਣ ਵਿੱਚ ਭਾਜਪਾ ਦੇ ਨਾਮਜ਼ਦ ਕੌਂਸਲਰ, ਜੋ ਕਿ ਮੇਅਰ ਚੋਣ ਲਈ ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਸਨ, ਨੇ ਵੋਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਸੀ।