ਦੋ ਤਖ਼ਤਾਂ ਵਿਚਾਲੇ ਟਕਰਾਅ: ਤਖ਼ਤ ਪਟਨਾ ਸਾਹਿਬ ਵੱਲੋਂ ਅਕਾਲ ਤਖ਼ਤ ਦੇ ਹੁਕਮ ਰੱਦ
ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 6 ਜੁਲਾਈ
ਅਕਾਲ ਤਖ਼ਤ ਅਤੇ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਵਧ ਰਹੇ ਟਕਰਾਅ ਵਿਚਾਲੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਸ ਮਾਮਲੇ ਵਿੱਚ ਇੱਕ ਕਦਮ ਹੋਰ ਅਗਾਂਹ ਪੁੱਟਦਿਆਂ ਬੀਤੇ ਦਿਨ ਅਕਾਲ ਤਖ਼ਤ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਕੋਈ ਵੀ ਨਾ ਤਾਂ ਅਕਾਲ ਤਖ਼ਤ ਜਾਵੇਗਾ ਅਤੇ ਨਾ ਹੀ ਪੇਸ਼ ਹੋਵੇਗਾ। ਇਹ ਕਾਰਵਾਈ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਜਥੇਦਾਰ ਤੇ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ, ਵਧੀਕ ਹੈੱਡ ਗ੍ਰੰਥੀ ਭਾਈ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸੂਰਾਮ ਸਿੰਘ ਅਤੇ ਮੀਤ ਗ੍ਰੰਥੀ ਅਮਰਜੀਤ ਸਿੰਘ ਵੱਲੋਂ ਕੀਤੀ ਗਈ ਹੈ।
ਬੀਤੇ ਦਿਨ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਸ਼ਾਮ ਨੂੰ ਅਕਾਲ ਤਖ਼ਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਗੈਰ-ਸੰਵਿਧਾਨਕ ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਤਖ਼ਤ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਅਤੇ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਗੁਰਮੀਤ ਸਿੰਘ ਤੇ ਹਰਪਾਲ ਸਿੰਘ ਜੌਹਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਪੰਜ ਸਿੰਘ ਸਾਹਿਬਾਨ ਨੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ 15 ਦਿਨਾਂ ਵਿੱਚ ਅਕਾਲ ਤਖ਼ਤ ’ਤੇ ਪੇਸ਼ ਹੋਣ ਦਾ ਆਦੇਸ਼ ਵੀ ਦਿੱਤਾ ਸੀ।
ਦੂਜੇ ਪਾਸੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਤੁਰੰਤ ਬਾਅਦ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਸ ਕਾਰਵਾਈ ਦੇ ਜਵਾਬ ਵਿੱਚ ਆਪਣੀ ਅਗਲੀ ਕਾਰਵਾਈ ਨੂੰ ਅੰਜਾਮ ਦਿੱਤਾ। ਪੰਜ ਪਿਆਰਿਆਂ ਨੇ ਮੀਟਿੰਗ ਕਰਨ ਤੋਂ ਬਾਅਦ ਆਖਿਆ ਕਿ ਭਾਈ ਕੁਲਦੀਪ ਸਿੰਘ ਗੜਗੱਜ ਨੇ ਗੈਰ-ਸੰਵਿਧਾਨਕ ਆਦੇਸ਼ ਜਾਰੀ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਤਖ਼ਤ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਗੁਰਮੀਤ ਸਿੰਘ ਤੇ ਹਰਪਾਲ ਸਿੰਘ ਜੌਹਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਵੱਲੋਂ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਨੂੰ ਪਹਿਲਾਂ ਹੀ ਤਨਖਾਹੀਆ ਐਲਾਨਿਆ ਹੋਇਆ ਹੈ, ਇਸ ਲਈ ਉਨ੍ਹਾਂ ਨੂੰ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ, ਅਹੁਦੇਦਾਰਾਂ ਅਤੇ ਵਧੀਕ ਹੈੱਡ ਗ੍ਰੰਥੀ ਸਬੰਧੀ ਫ਼ੈਸਲਾ ਲੈਣ ਦਾ ਕੋਈ ਵੀ ਧਾਰਮਿਕ ਤੇ ਸੰਵਿਧਾਨਕ ਹੱਕ ਨਹੀਂ ਹੈ। ਇਸ ਲਈ ਤਖ਼ਤ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇਸ ਮਾਮਲੇ ’ਤੇ ਵਿਚਾਰ ਕਰਨ ਮਗਰੋਂ ਸਰਬਸੰਮਤੀ ਨਾਲ ਇਹ ਫੈਸਲਾ ਮੁੱਢੋਂ ਰੱਦ ਕੀਤਾ ਜਾਂਦਾ ਹੈ। ਉਨ੍ਹਾਂ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਖ਼ਤ ਆਦੇਸ਼ ਕੀਤਾ ਕਿ ਕੋਈ ਵੀ ਅਕਾਲ ਤਖ਼ਤ ’ਤੇ ਪੇਸ਼ ਨਹੀਂ ਹੋਵੇਗਾ ਅਤੇ ਜੇ ਕੋਈ ਪੇਸ਼ ਹੁੰਦਾ ਹੈ ਤਾਂ ਉਸ ਨੂੰ ਪੱਕਾ ਤਨਖਾਹੀਆ ਮੰਨਿਆ ਜਾਵੇਗਾ। ਉਸ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜ ਪਿਆਰਿਆਂ ਨੇ ਕਿਹਾ ਕਿ 21 ਮਈ ਨੂੰ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਆਦੇਸ਼ ਨੂੰ ਪਹਿਲਾਂ ਹੀ ਗੈਰ-ਸੰਵਿਧਾਨਕ ਮੰਨਦਿਆਂ ਰੱਦ ਕਰ ਦਿੱਤਾ ਗਿਆ ਸੀ।
ਦੋਵਾਂ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਇੱਕ-ਦੂਜੇ ਵੱਲੋਂ ਕੀਤੇ ਗਏ ਫੈਸਲਿਆਂ ਨੂੰ ਰੱਦ ਕੀਤੇ ਜਾਣ ਨਾਲ ਨਾ ਸਿਰਫ ਜਥੇਦਾਰਾਂ ਵਿਚਾਲੇ ਆਪਸੀ ਟਕਰਾਅ ਵਧ ਰਿਹਾ ਹੈ, ਸਗੋਂ ਇਸ ਨਾਲ ਤਖ਼ਤਾਂ ਦੀ ਮਾਣ-ਮਰਿਆਦਾ ਨੂੰ ਵੀ ਢਾਹ ਲੱਗ ਰਹੀ ਹੈ।