ਕਾਂਗੜਾ, 4 ਨਵੰਬਰ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਹਿਮਾਚਲ ਵਿਧਾਨ ਸਭਾ ਚੋਣਾਂ ਮਗਰੋਂ ਸੱਤਾ ‘ਚ ਆਈ ਤਾਂ ਸੂਬੇ ‘ਚ ਇਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਵਾਅਦਿਆਂ ਦੀ ਝੜੀ ਲਾਉਂਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕੀਤੀ ਜਾਵੇਗੀ ਅਤੇ ਸੂਬੇ ਦੀ ਹਰੇਕ ਮਹਿਲਾ ਨੂੰ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਥੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਕਿਹਾ,”ਕਾਂਗਰਸ ਨਸ਼ੇ ਦੀ ਅਲਾਮਤ ਦੇ ਟਾਕਰੇ ਲਈ ਵੀ ਯਤਨ ਕਰੇਗੀ ਜੋ ਨੌਜਵਾਨਾਂ ਦਾ ਭਵਿੱਖ ਬਰਬਾਦ ਕਰ ਰਿਹਾ ਹੈ। ਹਰੇਕ ਵਿਧਾਨ ਸਭਾ ਹਲਕੇ ‘ਚ ਅੰਗਰੇਜ਼ੀ ਮੀਡੀਅਮ ਸਕੂਲ ਵੀ ਬਣਾਏ ਜਾਣਗੇ।”
ਸੂਬਾ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਸੂਬਾ ਕਰਜ਼ੇ ‘ਚ ਡੁੱਬ ਗਿਆ ਹੈ ਅਤੇ 63 ਹਜ਼ਾਰ ਸਰਕਾਰੀ ਨੌਕਰੀਆਂ ਖਾਲੀ ਪਈਆਂ ਹਨ। ਛੱਤੀਸਗੜ੍ਹ ਅਤੇ ਰਾਜਸਥਾਨ ‘ਚ ਕਾਂਗਰਸ ਵੱਲੋਂ ਕੀਤੇ ਗਏ ਕੰਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਿਮਾਚਲ ‘ਚ ਕੀਤੇ ਗਏ ਵਾਅਦੇ ਵੀ ਪੂਰੇ ਕੀਤੇ ਜਾਣਗੇ। ‘ਕਾਂਗਰਸ ਸੱਤਾ ‘ਚ ਆਉਣ ‘ਤੇ ਪਹਿਲੀ ਹੀ ਕੈਬਨਿਟ ਮੀਟਿੰਗ ‘ਚ ਇਕ ਲੱਖ ਨੌਕਰੀਆਂ ਦੇਣ ਦਾ ਐਲਾਨ ਕਰੇਗੀ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਇਥੇ ਬੈਠੇ ਹਨ।
ਉਨ੍ਹਾਂ ਆਪਣੇ ਸੂਬੇ ‘ਚ ਪਿਛਲੇ ਤਿੰਨ ਸਾਲਾਂ ‘ਚ ਪੰਜ ਲੱਖ ਨੌਕਰੀਆਂ ਦਿੱਤੀਆਂ ਹਨ। ਰਾਜਸਥਾਨ ‘ਚ ਕਾਂਗਰਸ ਸਰਕਾਰ ਨੇ 1.30 ਲੱਖ ਨੌਕਰੀਆਂ ਦਿੱਤੀਆਂ ਹਨ।’ ਭਾਜਪਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਲਈ ਉਹ ਆਖ ਰਹੀ ਹੈ ਕਿ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਉਨ੍ਹਾਂ ਵੱਡੇ ਕਾਰੋਬਾਰੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ। ਉਨ੍ਹਾਂ ਕੋਲ ਮੁਲਾਜ਼ਮਾਂ ਦੀ ਪੈਨਸ਼ਨ ਲਈ ਪੈਸੇ ਨਹੀਂ ਹਨ। ਪ੍ਰਿਯੰਕਾ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਜਿਹੇ ਮੁੱਦਿਆਂ ਦਾ ਹੱਲ ਕੱਢਣ ‘ਚ ਨਾਕਾਮ ਰਹੀ ਅਤੇ ਲੋਕਾਂ ‘ਤੇ ਵਧੇਰੇ ਟੈਕਸ ਥੋਪ ਦਿੱਤੇ ਹਨ। -ਪੀਟੀਆਈ