ਗਿਆਨੀ ਰਘਬੀਰ ਸਿੰਘ ਵੱਲੋਂ ਧਾਮੀ ਨਾਲ ਮੁਲਾਕਾਤ
ਹੁਸ਼ਿਆਰਪੁਰ, 28 ਫਰਵਰੀ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਨਗਰ ਸਥਿਤ ਧਾਮੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਸ੍ਰੀ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਧਾਮੀ ਇੱਕ ਸੱਚੇ ਗੁਰੂ ਸਿੱਖ ਹਨ ਅਤੇ ਉਨ੍ਹਾਂ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਬਹੁਤ ਕੰਮ ਕੀਤਾ ਹੈ। ਉਹ ਐਡਵੋਕੇਟ ਧਾਮੀ ਨੂੰ ਉਨ੍ਹਾਂ ਦੇ ਪੋਤਰੇ ਦੇ ਜਨਮਦਿਨ ਦੀਆਂ ਵਧਾਈਆਂ ਦੇਣ ਲਈ ਉਨ੍ਹਾਂ ਦੇ ਘਰ ਆਏ ਹਨ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸ੍ਰੀ ਧਾਮੀ ਨੂੰ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਸੇਵਾ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਤੇ ਭਰਤੀ ਪ੍ਰਕਿਰਿਆ ਲਈ ਬਣਾਈ ਗਈ ਕਮੇਟੀ ਨੂੰ ਨਿਰਦੇਸ਼ ਦੇਣ ਬਾਰੇ ਹਾਲੇ ਵਿਚਾਰ ਚਰਚਾ ਚੱਲ ਰਹੀ ਹੈ ਤੇ 2 ਦਸੰਬਰ ਦੇ ਹੁਕਮਾਂ ਅਨੁਸਾਰ ਸੌਂਪੇ ਗਏ ਕੰਮ ਅੱਗੇ ਵਧਾਏ ਜਾਣਗੇ।
ਜ਼ਿਕਰਯੋਗ ਹੈ ਕਿ ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੇ ਮੈਂਬਰਾਂ ਵਿੱਚੋਂ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਅਸਤੀਫ਼ਾ ਦੇ ਚੁੱਕੇ ਹਨ। ਰਹਿੰਦੇ ਪੰਜ ਮੈਂਬਰਾਂ ਦੀ ਕਮੇਟੀ ਵੱਲੋਂ ਪਿਛਲੇ ਹਫ਼ਤੇ ਕੀਤੀ ਮੀਟਿੰਗ ਦੀ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਗਈ ਹੈ। ਕਮੇਟੀ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਬੀਬੀ ਸਤਵੰਤ ਕੌਰ, ਸੰਤਾ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਉਨ੍ਹਾਂ ਨਾਲ ਸਹਿਯੋਗ ਨਹੀਂ ਕਰ ਰਹੀ।