ਸਰਕਾਰ ਵੱਲੋਂ ਮੀਡੀਆ ਲਈ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ, 26 ਅਪਰੈਲ
ਸਰਕਾਰ ਨੇ ਅੱਜ ਮੀਡੀਆ ਨੂੰ ਰੱਖਿਆਅਪਰੇਸ਼ਨਾਂ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦਾ ਸਿੱਧਾ ਪ੍ਰਸਾਰਨ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਜਾਣਕਾਰੀ ਸਾਂਝੀ ਕੀਤੇ ਜਾਣ ਕਾਰਨ ਜਾਣੇ-ਅਣਜਾਣੇ ਵਿੱਚ ਦੁਸ਼ਮਣਾਂ ਨੂੰ ਮਦਦ ਮਿਲ ਸਕਦੀ ਹੈ। ਇਹ ਐਡਵਾਈਜ਼ਰੀ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਰੱਖਿਆ ਮਾਮਲਿਆਂ ਦੀ ਰਿਪੋਰਟਿੰਗ ਦੇ ਮੱਦੇਨਜ਼ਰ ਜਾਰੀ ਕੀਤੀ ਗਈ ਹੈ। ਅਤਿਵਾਦੀਆਂ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਮੁੱਖ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ 26 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।
ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, ‘‘ਕੌਮੀ ਸੁਰੱਖਿਆ ਦੇ ਹਿੱਤ ਵਿੱਚ, ਸਾਰੇ ਮੀਡੀਆ ਪਲੇਟਫਾਰਮਾਂ, ਨਿਊਜ਼ ਏਜੰਸੀਆਂ ਅਤੇ ਸੋਸ਼ਲ ਮੀਡੀਆ ਵਰਤਣ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰੱਖਿਆ ਅਤੇ ਹੋਰ ਸੁਰੱਖਿਆ ਸਬੰਧੀ ਅਪਰੇਸ਼ਨ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟਿੰਗ ਕਰਦੇ ਸਮੇਂ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਮੌਜੂਦਾ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।’’ ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਵੇਦਨਸ਼ੀਲ ਜਾਣਕਾਰੀ ਦਾ ਸਮੇਂ ਤੋਂ ਪਹਿਲਾਂ ਖੁਲਾਸਾ ਕੀਤੇ ਜਾਣ ਕਾਰਨ ਅਣਜਾਣੇ ਵਿੱਚ ਦੁਸ਼ਮਣ ਤੱਤਾਂ ਨੂੰ ਮਦਦ ਮਿਲ ਸਕਦੀ ਹੈ ਅਤੇ ਅਪਰੇਸ਼ਨ ਪ੍ਰਭਾਵਿਤ ਹੋ ਸਕਦਾ ਹੈ ਅਤੇ ਅਤੇ ਕਰਮੀਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕਰ ਸਕਦਾ ਹੈ। ਐਡਵਾਈਜ਼ਰੀ ਵਿੱਚ ਕਾਰਗਿਲ ਜੰਗ, 2008 ਦੇ ਮੁੰਬਈ ਅਤਿਵਾਦੀ ਹਮਲੇ ਅਤੇ ਕੰਧਾਰ ਜਹਾਜ਼ ਅਗਵਾ ਵਰਗੀਆਂ ਪਿਛਲੀਆਂ ਘਟਨਾਵਾਂ ਦਾ ਹਵਾਲਾ ਦਿੱਤਾ ਗਿਆ, ਜਦੋਂ ਨਿਰਵਿਘਨ ਕਵਰੇਜ ਕਾਰਨ ਰਾਸ਼ਟਰੀ ਹਿੱਤਾਂ ਦੇ ਉਲਟ ਨਤੀਜੇ ਸਾਹਮਣੇ ਆਏ ਸਨ। -ਪੀਟੀਆਈ