Pakistan: ਬਲੋਚਿਸਤਾਨ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੂ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ
ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਨੋਸ਼ਕੀ ਕਸਬੇ ਵਿੱਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਇੱਕ ਹਿੰਦੂ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਹੈ।
ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। 'ਡਾਨ' ਅਖ਼ਬਾਰ ਦੀ ਰਿਪੋਰਟ ਮੁਤਾਬਕ, ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀ ਨੋਸ਼ਕੀ ਬਾਜ਼ਾਰ ਦੇ ਕਾਦਿਰਆਬਾਦ ਸਟਾਪ ਖੇਤਰ ਵਿੱਚ ਵਪਾਰੀ ਦੀ ਦੁਕਾਨ ਵਿੱਚ ਦਾਖ਼ਲ ਹੋਏ। ਜਦੋਂ ਉਸ ਨੇ ਵਿਰੋਧ ਕੀਤਾ, ਤਾਂ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ ਅਤੇ ਫ਼ਰਾਰ ਹੋ ਗਏ, ਜਿਸ ਨਾਲ ਵਪਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ।
ਇਸ ਦੌਰਾਨ, ਖੈਬਰ ਪਖ਼ਤੂਨਖ਼ਵਾ ਸੂਬਾਈ ਅਸੈਂਬਲੀ ਦੇ ਮੈਂਬਰ ਗੁਰਪਾਲ ਸਿੰਘ ਨੇ ਇਸ ਕਤਲ ਦੀ ਨਿਖੇਧੀ ਕਰਦਿਆਂ ਇਸ ਨੂੰ ਰਾਜ-ਵਿਰੋਧੀ ਅਤੇ ਬਲੋਚਿਸਤਾਨ-ਵਿਰੋਧੀ ਤਾਕਤਾਂ ਦਾ ਕਾਇਰਤਾਪੂਰਨ ਕਾਰਨਾਮਾ ਕਰਾਰ ਦਿੱਤਾ ਹੈ।
ਸ਼ੁੱਕਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ, "ਹਿੰਦੂ ਭਾਈਚਾਰਾ ਸਦੀਆਂ ਤੋਂ ਬਲੋਚਿਸਤਾਨ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਇਸ ਨੇ ਵਾਰ-ਵਾਰ ਪਾਕਿਸਤਾਨ ਅਤੇ ਬਲੋਚਿਸਤਾਨ ਪ੍ਰਤੀ ਆਪਣੀ ਵਫ਼ਾਦਾਰੀ ਸਾਬਤ ਕੀਤੀ ਹੈ।"
ਉਨ੍ਹਾਂ ਕਿਹਾ ਕਿ ਮਾੜੀਆਂ ਤਾਕਤਾਂ ਬੇਕਸੂਰ ਹਿੰਦੂ ਵਪਾਰੀਆਂ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਵਿੱਚ ਨਫ਼ਰਤ ਅਤੇ ਡਰ ਪੈਦਾ ਕਰਨ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।
ਸੂਬਾਈ ਅਸੈਂਬਲੀ ਦੇ ਮੈਂਬਰ ਨੇ ਬਲੋਚਿਸਤਾਨ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਕੇਸ਼ ਕੁਮਾਰ ਦੇ ਕਾਤਲਾਂ ਦੀ ਤੁਰੰਤ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ।

