ਭਾਰਤੀ ਭਾਸ਼ਾਵਾਂ ਦੇਸ਼ ਨੂੰ ਇਕਜੁੱਟ ਕਰਨ ਲਈ ਸ਼ਕਤੀਸ਼ਾਲੀ ਮਾਧਿਅਮ ਬਣਨਗੀਆਂ: ਸ਼ਾਹ
ਨਵੀਂ ਦਿੱਲੀ, 26 ਜੂਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪਹਿਲਾਂ ਭਾਰਤ ਨੂੰ ਵੰਡਣ ਦੀ ਕੋਸ਼ਿਸ਼ ਲਈ ਭਾਸ਼ਾ ਦੀ ਵਰਤੋਂ ਸਾਧਨ ਵਜੋਂ ਕੀਤੀ ਜਾਂਦੀ ਰਹੀ ਹੈ ਪਰ ਅਜਿਹੇ ਯਤਨ ਕਦੇ ਵੀ ਸਫਲ ਨਹੀਂ ਹੋਏ ਅਤੇ ਮੋਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਭਾਰਤੀ ਭਾਸ਼ਾਵਾਂ ਦੇਸ਼ ਨੂੰ ਇਕਜੁੱਟ ਕਰਨ ਲਈ ਸ਼ਕਤੀਸ਼ਾਲੀ ਮਾਧਿਅਮ ਬਣਨ। ਕੇਂਦਰ ਸਰਕਾਰ ਦੇ ਸਰਕਾਰੀ ਭਾਸ਼ਾ ਵਿਭਾਗ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਦੀ ਵਿਰੋਧੀ ਨਹੀਂ ਹੈ ਸਗੋਂ ਇਹ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹਿਯੋਗੀ ਹੈ ਅਤੇ ਦੇਸ਼ ਵਿੱਚ ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਪ੍ਰਸ਼ਾਸਨ ਰਾਸ਼ਟਰ ਦੀ ਭਾਵਨਾ ਨਾਲ ਮੇਲ ਖਾਂਦਾ ਹੋਣਾ ਚਾਹੀਦਾ ਹੈ ਅਤੇ ਭਾਰਤੀ ਭਾਸ਼ਾਵਾਂ ਦੇ ਸਵੈ-ਮਾਣ ਲਈ ਪ੍ਰਸ਼ਾਸਨਿਕ ਕਾਰਜ ਵੀ ਭਾਰਤੀ ਭਾਸ਼ਾਵਾਂ ਵਿੱਚ ਕੀਤੇ ਜਾਣੇ ਚਾਹੀਦੇ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰੀ ਭਾਸ਼ਾ ਵਿਭਾਗ ਇਸ ਦਿਸ਼ਾ ਵੱਲ ਕੰਮ ਕਰੇਗਾ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਇੱਕ ਮਹਾਨ ਭਾਰਤ ਦੀ ਸਿਰਜਣਾ ਦੀ ਨੀਂਹ ਰੱਖੀ ਹੈ ਅਤੇ ਭਾਰਤੀ ਭਾਸ਼ਾਵਾਂ ਨੂੰ ਅਮੀਰ ਬਣਾਉਣ ਅਤੇ ਉਨ੍ਹਾਂ ਦੀ ਉਪਯੋਗਤਾ ਵਧਾਉਣ ਦੇ ਯਤਨ ਕੀਤੇ ਜਾਣਗੇ। ਮੇਰਾ ਦਿਲੋਂ ਮੰਨਣਾ ਹੈ ਕਿ ਹਿੰਦੀ ਕਿਸੇ ਵੀ ਭਾਰਤੀ ਭਾਸ਼ਾ ਦੀ ਵਿਰੋਧੀ ਨਹੀਂ ਹੋ ਸਕਦੀ।’ ਪੀਟੀਆਈ
ਹਿੰਦੀ ਥੋਪਣ ਦਾ ਵਿਰੋਧ ਕਰੇਗੀ ਐੱਮਐੱਨਐੱਸ: ਠਾਕਰੇ
ਮੁੰਬਈ: ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਪ੍ਰਧਾਨ ਰਾਜ ਠਾਕਰੇ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਤਿੰਨ-ਭਾਸ਼ਾਈ ਫਾਰਮੂਲੇ ਅਤੇ ਹਿੰਦੀ ਥੋਪਣ ਦੇ ਨਾਲ-ਨਾਲ ਸੂਬੇ ਵਿੱਚ ਮਰਾਠੀ ਨੂੰ ਹਟਾਉਣ ਦੇ ਸਰਕਾਰ ਦੇ ਕਦਮ ਦਾ ਵਿਰੋਧ ਕਰਦੀ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 6 ਜੁਲਾਈ ਨੂੰ ਗਿਰਗਾਮ ਚੌਪਾਟੀ ਵਿਚ ਮੋਰਚਾ ਲਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੋਰਚਾ ਬਿਨਾਂ ਕਿਸੇ ਪਾਰਟੀ ਪਲੇਟਫਾਰਮ ਦੇ ਲਾਇਆ ਜਾਵੇਗਾ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਯੂਬੀਟੀ) ਦੇ ਨੇਤਾਵਾਂ ਨੂੰ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣਗੇ ਤਾਂ ਠਾਕਰੇ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਰਾਜਨੀਤਕ ਪਾਰਟੀਆਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮਹਾਰਾਸ਼ਟਰ ਕਿਸੇ ਵੀ ਲੜਾਈ ਨਾਲੋਂ ਵੱਡਾ ਹੈ।
ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਊਧਵ
ਮੁੰਬਈ: ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਵਿੱਚ ਹਿੰਦੀ ਨੂੰ ਥੋਪਣ ਦਾ ਸਖਤ ਵਿਰੋਧ ਕਰਦਿਆਂ ਭਾਜਪਾ ’ਤੇ ਭਾਸ਼ਾ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਮੁੱਖ ਤੌਰ ’ਤੇ ਮਰਾਠੀ ਭਾਸ਼ਾਈ ਸੂਬੇ ਵਿੱਚ ‘ਭਾਸ਼ਾ ਐਮਰਜੈਂਸੀ’ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਊਧਵ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਿੰਦੀ ਦੇ ਵਿਰੁੱਧ ਨਹੀਂ ਹੈ ਪਰ ਯਕੀਨੀ ਤੌਰ ’ਤੇ ਇਸ ਦੇ ਥੋਪਣ ਦੇ ਵਿਰੁੱਧ ਹੈ।