DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritpal Singh ਦੇ ਨਾਮ ’ਤੇ ਵਾਇਰਲ ਪੱਤਰ ’ਚ ਕਈ ਸਨਸਨੀਖੇਜ਼ ਦਾਅਵੇ

ਪਰਿਵਾਰ ਨੇ ਪੱਤਰ ਨੂੰ ‘ਫਰਜ਼ੀ’ ਤੇ ‘ਵਾਰਿਸ ਪੰਜਾਬ ਦੇ’ ਮੁਖੀ ਦੇ ਅਕਸ ਨੂੰ ਢਾਹ ਲਾਉਣ ਦੀ ਸਾਜ਼ਿਸ਼ ਦੱਸਿਆ; ਪੁਲੀਸ ਕੋਲ ਕੀਤੀ ਜਾਵੇਗੀ ਸ਼ਿਕਾੲਿਤ; ਪੰਜਾਬ ਪੁਲੀਸ ਤੇ ਖੁਫੀਆ ਏਜੰਸੀਆਂ ਚੌਕਸ ਹੋਈਆਂ 
  • fb
  • twitter
  • whatsapp
  • whatsapp
featured-img featured-img
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਫਾਈਲ ਫੋਟੋ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਫਰਵਰੀ

Advertisement

Amritpal Singh letter: ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਮ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਫਿਲਹਾਲ ਮੁਲਤਵੀ ਕਰਨ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਹਿਲ ਦੇਣ ਦੀ ਗੱਲ ਕਹੀ ਗਈ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਹਲਫ਼ ਲੈਣ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਹ ਪੰਜਾਬ ਦੇ ਵਿਕਾਸ ਲਈ ਭਾਜਪਾ ਨਾਲ ਗੱਠਜੋੜ ਲਈ ਤਿਆਰ ਸੀ।

ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਹਾਲਾਂਕਿ ਇਸ ਪੱਤਰ ਨੂੰ ਪੂਰੀ ਤਰ੍ਹਾਂ ਫਰਜ਼ੀ ਤੇ ਇਕ ਵੱਡੀ ਸਾਜ਼ਿਸ਼ ਦੱਸਿਆ ਹੈ। ਸੁਖਚੈਨ ਸਿੰਘ ਨੇ ਕਿਹਾ ਕਿ ਇਹ ਪੱਤਰ ਅੰਮ੍ਰਿਤਪਾਲ ਦੇ ਅਕਸ ਨੂੰ ਢਾਹ ਲਾਉਣ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਜਲਦੀ ਹੀ ਪੁਲੀਸ ਕੋਲ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰੇਗਾ। ਉਧਰ ਫਰਜ਼ੀ ਪੱਤਰ ਵਾਇਰਲ ਹੋਣ ਮਗਰੋਂ ਪੰਜਾਬ ਪੁਲੀਸ ਤੇ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਪੱਤਰ ਦੇ ਪਿੱਛੇ ਕੌਣ ਹੈ, ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਸ ਕਥਿਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨ ਦੇ ਮੁੱਦੇ ਨੂੰ ਕੁਝ ਸਮੇਂ ਲਈ ਲਾਂਭੇ ਰੱਖ ਕੇ ਪੰਜਾਬ ਦੇ ਹੱਕਾਂ ਤੇ ਹੋਰ ਅਧਿਕਾਰਾਂ ਦੀ ਮੰਗ ਕੀਤੀ ਜਾਣੀ ਚਾਹੀਦੀ ਹੈ। ਪੱਤਰ ਪੰਜਾਬ ਦੀ ਸਿਆਸੀ ਤਾਕਤ ਵਧਾਉਣ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਤਰੱਕੀ ਦੀ ਗੱਲ ਕਰਦਾ ਹੈ। ਪੱਤਰ ਦਾ ਸਭ ਤੋਂ ਵਿਵਾਦਿਤ ਉਹ ਹਿੱਸਾ ਹੈ ਜਿਸ ਵਿੱਚ ਲਿਖਿਆ ਹੈ ਕਿ ਜੇ ਪੰਜਾਬ ਦੀ ਭਲਾਈ ਲਈ ਭਾਜਪਾ ਨਾਲ ਸਮਝੌਤਾ ਕਰਨਾ ਪਵੇ ਤਾਂ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਇਸ ਵਿੱਚ ਸਿੱਖਾਂ ਦੇ ਹਿੱਤਾਂ ਦੀ ਰਾਖੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨੂੰ ਮੁੱਖ ਮੰਗਾਂ ਦੱਸਿਆ ਗਿਆ ਹੈ।

ਪੱਤਰ ਮੁਤਾਬਕ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਹਾਲ ਹੀ ਵਿੱਚ ਦੋਸ਼ੀ ਠਹਿਰਾਉਣਾ ਇਸੇ ਰਣਨੀਤੀ ਦਾ ਇੱਕ ਹਿੱਸਾ ਹੈ।

ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਪੱਤਰ ਨੂੰ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਕਿਸੇ ਵੀ ਸਿਆਸੀ ਪਾਰਟੀ ਨਾਲ ਗੱਠਜੋੜ ਦੇ ਹੱਕ ਵਿੱਚ ਨਹੀਂ ਹੈ ਅਤੇ ਨਾ ਹੀ ਉਹ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਮਿਲਿਆ ਹੈ। ਉਨ੍ਹਾਂ ਇਸ ਨੂੰ ਅੰਮ੍ਰਿਤਪਾਲ ਦੀ ਵਿਚਾਰਧਾਰਾ ਨੂੰ ਤੋੜਨ ਅਤੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਦੱਸਿਆ।

Advertisement
×