ਵਿਰੋਧੀ ਧਿਰ ਵੱਲੋਂ ‘ਐੱਸਆਈਆਰ’ ਖ਼ਿਲਾਫ਼ ਪ੍ਰਦਰਸ਼ਨ
ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ‘ਇੰਡੀਆ’ ਗੱਠਜੋੜ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅੱਜ ਲਗਾਤਾਰ ਅੱਠਵੇਂ ਦਿਨ ਇੱਥੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਬਿਹਾਰ ’ਚ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਕੀਤੀ ਜਾ ਰਹੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਸੰਸਦ ਦੇ ‘ਮਕਰ ਦੁਆਰ’ ਨੇੜੇ ਹੋਏ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹੋਏ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਕ ਵੱਡਾ ਬੈਨਰ ਵੀ ਫੜਿਆ ਹੋਇਆ ਸੀ ਜਿਸ ’ਤੇ ‘ਐੱਸਆਈਆਰ - ਲੋਕਤੰਤਰ ਪੇ ਵਾਰ’ ਲਿਖਿਆ ਹੋਇਆ ਸੀ।
ਐੱਸਆਈਆਰ ਖ਼ਿਲਾਫ਼ ਪੋਸਟਰ ਤੇ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਚੋਣ ਕਮਿਸ਼ਨ ਤੇ ਸਰਕਾਰ ਵਿਚਾਲੇ ਮਿਲੀਭੁਗਤ ਹੋਣ ਦੇ ਦੋਸ਼ ਲਗਾਏ। ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ ਕਾਂਗਰਸ, ਡੀਐੱਮਕੇ, ਟੀਐੱਮਸੀ, ਸਮਾਜਵਾਦੀ ਪਾਰਟੀ, ਆਰਜੇਡੀ ਅਤੇ ਖੱਬੀਆਂ ਪਾਰਟੀਆਂ ਦੇ ਮੈਂਬਰ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਵੀ ਕੀਤੀ। ਵਿਰੋਧੀ ਧਿਰ ਵੱਲੋਂ ਸੰਸਦ ਦੇ ਦੋਵੇਂ ਸਦਨਾਂ ਵਿੱਚ ‘ਐੱਸਆਈਆਰ’ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਚੋਣ ਕਮਿਸ਼ਨ ਦੀ ਇਸ ਮੁਹਿੰਮ ਦਾ ਮਕਸਦ ਬਿਹਾਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਕਰਨਾ ਦੱਸਿਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਵਿਸ਼ੇ ’ਤੇ ਸੰਸਦ ਵਿੱਚ ਚਰਚਾ ਹੋਣੀ ਚਾਹੀਦੀ ਹੈ।
ਪ੍ਰਦਰਸ਼ਨ ਜਾਰੀ ਰੱਖਣਗੀਆਂ ‘ਇੰਡੀਆ’ ਗੱਠਜੋੜ ਵਿਚਲੀਆਂ ਪਾਰਟੀਆਂ
ਨਵੀਂ ਦਿੱਲੀ: ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਦੇ ਮੁੱਦੇ ’ਤੇ ਸੰਸਦ ਦੇ ਅੰਦਰ ਅਤੇ ਬਾਹਰ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੀਆਂ। ਸੂਤਰਾਂ ਅਨੁਸਾਰ, ਉਹ ਅਗਲੇ ਹਫ਼ਤੇ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਤੱਕ ਮਾਰਚ ਕਰਨ ਬਾਰੇ ਵੀ ਚਰਚਾ ਕਰ ਰਹੀਆਂ ਹਨ। ਇਸ ਮੁੱਦੇ ’ਤੇ ਅੱਜ ਸਵੇਰੇ ‘ਇੰਡੀਆ’ ਗੱਠਜੋੜ ਦੀ ਹੋਈ ਮੀਟਿੰਗ ਵਿੱਚ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ, ਵਿਰੋਧੀ ਪਾਰਟੀਆਂ ਇਸ ਗੱਲ ’ਤੇ ਸਹਿਮਤ ਹੋਈਆਂ ਕਿ ਬਿਹਾਰ ਵਿੱਚ ਐੱਸਆਈਆਰ ਦਾ ਮੁੱਦਾ ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਵਿੱਚ ਉਨ੍ਹਾਂ ਲਈ ਪ੍ਰਮੁੱਖ ਤਰਜੀਹ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਚਰਚਾ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ‘ਇੰਡੀਆ’ ਬਲਾਕ ਦੇ ਆਗੂ ਆਉਣ ਵਾਲੇ ਹਫ਼ਤੇ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਨ।