Pakistan-Afganistan War: ਚੀਨ ਨੇ ਦੋਵਾਂ ਦੇਸ਼ਾਂ ਨੂੰ ਜੰਗਬੰਦੀ ਦੀ ਕੀਤੀ ਅਪੀਲ
ਵਧਦੇ ਸੰਘਰਸ਼ ’ਤੇ ਬੀਜਿੰਗ ਨੇ ਜਤਾਈ ਡੂੰਘੀ ਚਿੰਤਾ; ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਦਿੱਤੀ ਸਲਾਹ
Pakistan-Afganistan War: ਚੀਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਵਧ ਰਹੇ ਫੌਜੀ ਟਕਰਾਅ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਦੋਵਾਂ ਗੁਆਂਢੀ ਦੇਸ਼ਾਂ ਨੂੰ ਤੁਰੰਤ ਜੰਗਬੰਦੀ (Ceasefire) ਕਰਨ ਦੀ ਅਪੀਲ ਕੀਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਓ ਨਿੰਗ ਨੇ ਪੇਈਚਿੰਗ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਚੀਨ ਇਸ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਸੰਘਰਸ਼ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਬੇਹੱਦ ਦੁਖੀ ਹੈ।
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਚੀਨ ਦੇ ਕਰੀਬੀ ਦੋਸਤ ਹਨ, ਇਸ ਲਈ ਚੀਨ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਰਾਹੀਂ ਆਪਣੇ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ ਕਰਦਾ ਹੈ ਤਾਂ ਜੋ ਖੇਤਰ ਵਿੱਚ ਅਮਨ-ਸ਼ਾਂਤੀ ਬਹਾਲ ਹੋ ਸਕੇ।
ਮਾਓ ਨਿੰਗ ਨੇ ਇਹ ਵੀ ਸਪੱਸ਼ਟ ਕੀਤਾ ਕਿ ਚੀਨ ਆਪਣੇ ਪੱਧਰ ’ਤੇ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਸਾਰੂ ਭੂਮਿਕਾ ਨਿਭਾਉਣ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਅਫ਼ਗਾਨਿਸਤਾਨ ’ਤੇ ਅਤਿਵਾਦੀ ਸਮੂਹਾਂ (TTP ਅਤੇ BLA) ਨੂੰ ਪਨਾਹ ਦੇਣ ਦੇ ਦੋਸ਼ ਲਾਏ ਜਾ ਰਹੇ ਹਨ, ਜਦੋਂਕਿ ਅਫ਼ਗਾਨ ਤਾਲਿਬਾਨ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਪਾਕਿਸਤਾਨੀ ਫੌਜ ਦੀਆਂ ਹਵਾਈ ਕਾਰਵਾਈਆਂ ਨੂੰ ਹਿੰਸਾ ਦਾ ਮੁੱਖ ਕਾਰਨ ਦੱਸ ਰਿਹਾ ਹੈ। ਚੀਨ ਨੇ ਇਹ ਵੀ ਕਿਹਾ ਕਿ ਉਹ ਆਪਣੇ ਨਾਗਰਿਕਾਂ ਅਤੇ ਕੰਪਨੀਆਂ ਦੀ ਸੁਰੱਖਿਆ ਲਈ ਸਥਿਤੀ ਦਾ ਲਗਾਤਾਰ ਜਾਇਜ਼ਾ ਲੈ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।

