Pakistan Terrorist Encounter: ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ; ਅੱਠ ਦਹਿਸ਼ਤਗਰਦ ਹਲਾਕ
ਕੈਪਟਨ, ਲੈਫਟੀਨੈਂਟ ਸਣੇ ਛੇ ਸੁਰੱਖਿਆ ਮੁਲਾਜ਼ਮ ਮਾਰੇ ਗਏ
Pakistan Terrorist Encounter: ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਅੱਠ ਦਹਿਸ਼ਤਗਰਦ ਅਤੇ ਦੋ ਸੀਨੀਅਰ ਅਧਿਕਾਰੀਆਂ ਸਮੇਤ ਛੇ ਸੁਰੱਖਿਆ ਮੁਲਾਜ਼ਮ ਮਾਰੇ ਗਏ। ਇਹ ਜਾਣਕਾਰੀ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਨੇ ਸਾਂਝੀ ਕੀਤੀ।
ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ ਸਰਵਿਸ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਮੁਤਾਬਕ ਇਹ ਘਟਨਾ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਹੰਗੂ ਜ਼ਿਲ੍ਹੇ ਵਿੱਚ ਹੰਗੂ-ਟੱਲ ਰੋਡ ’ਤੇ ਵਾਪਰੀ।
ਆਈਐੱਸਪੀਆਰ ਨੇ ਕਿਹਾ ਕਿ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਸਬੰਧੀ ਖੁਫੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਹੋਈ।
ਇਸ ਦੌਰਾਨ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਅੱਠ ਮੈਂਬਰ ਅਤੇ ਛੇ ਸੁਰੱਖਿਆ ਮੁਲਾਜ਼ਮ ਮਾਰੇ ਗਏ। ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਵਿੱਚ ਇੱਕ ਕੈਪਟਨ ਅਤੇ ਇੱਕ ਲੈਫਟੀਨੈਂਟ ਵੀ ਸ਼ਾਮਲ ਹਨ।
ਆਈਐੱਸਪੀਆਰ ਨੇ ਦੱਸਿਆ ਕਿ ਕਾਰਵਾਈ ਦੌਰਾਨ ਅਤਿਵਾਦੀਆਂ ਦੀ ਗੋਲੀਬਾਰੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਫ਼ੌਜੀ ਵਾਹਨ ਨੂੰ ਵੀ ਅੱਗ ਲੱਗ ਗਈ। ਇਸ ਤੋਂ ਬਾਅਦ ਵਾਧੂ ਸੁਰੱਖਿਆ ਮੁਲਾਜ਼ਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਆਈਐੱਸਪੀਆਰ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਪਾਕਿਸਤਾਨ ਦੇ ਉੱਤਰ-ਪੱਛਮ ਵਿੱਚ ਸਥਿਤ ਖੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਪਿਛਲੇ ਕਈ ਸਾਲਾਂ ਤੋਂ ਅਤਿਵਾਦੀ ਹਿੰਸਾ, ਅਫ਼ਗਾਨਿਸਤਾਨ ਤੋਂ ਸਰਹੱਦ ਪਾਰ ਕਰਨ ਅਤੇ ਵਾਰ-ਵਾਰ ਹੋਣ ਵਾਲੀਆਂ ਫ਼ੌਜੀ ਕਾਰਵਾਈਆਂ ਕਾਰਨ ਅਸ਼ਾਂਤੀ ਬਣੀ ਹੋਈ ਹੈ।
ਪਾਕਿਸਤਾਨੀ ਸਰਕਾਰ ਨਾਲ ਟੀਟੀਪੀ ਦਾ ਜੰਗਬੰਦੀ ਸਮਝੌਤਾ ਨਵੰਬਰ 2022 ਵਿੱਚ ਖ਼ਤਮ ਹੋਣ ਤੋਂ ਬਾਅਦ ਅਫ਼ਗਾਨਿਸਤਾਨ ਨਾਲ ਲੱਗਦੇ ਇਸ ਸੂਬੇ ਵਿੱਚ ਸੰਗਠਨ ਵੱਲੋਂ ਲਗਾਤਾਰ ਹਮਲੇ ਕੀਤੇ ਜਾਂਦੇ ਰਹੇ ਹਨ।

