ਪੀ ਓ ਕੇ: ਪਾਕਿ ਸਰਕਾਰ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਸਮਝੌਤਾ
Pakistan Govt, protesters sign agreement to end violent protests in PoK ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਕਈ ਦਿਨਾਂ ਦੀਆਂ ਹਿੰਸਕ ਝੜਪਾਂ ਤੋਂ ਬਾਅਦ ਸੰਘੀ ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਨੇ ਅੱਜ ਇਨ੍ਹਾਂ ਪ੍ਰਦਰਸ਼ਨਾਂ ਨੂੰ ਖਤਮ ਕਰਨ ਲਈ ਇੱਕ ਸਮਝੌਤੇ ’ਤੇ ਹਸਤਾਖਰ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ 10 ਜਣਿਆਂ ਦੀ ਮੌਤ ਹੋ ਗਈ ਸੀ ਅਤੇ ਸੈਂਕੜੇ ਜ਼ਖਮੀ ਹੋ ਗਏ ਸਨ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਦੀ ਪ੍ਰਤੀਨਿਧ ਸੰਸਥਾ ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇਕੇਜੇਏਏਸੀ) ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਟੁੱਟ ਗਈ ਸੀ।
ਪ੍ਰਦਰਸ਼ਨਕਾਰੀਆਂ ਨੇ 38 ਮੰਗਾਂ ’ਤੇ ਆਧਾਰਿਤ ਮੰਗ ਪੱਤਰ ਦਿੱਤਾ ਸੀ ਤੇ ਇਨ੍ਹਾਂ ਮੰਗਾਂ ਨੂੰ ਮੰਨਣ ਲਈ ਕਿਹਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਸੀ ਕਿ ਜੇ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਉਹ ਪ੍ਰਦਰਸ਼ਨ ਜਾਰੀ ਰੱਖਣਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਗੱਲਬਾਤ ਨਾਲ ਹੱਲ ਲੱਭਣ ਲਈ ਬੁੱਧਵਾਰ ਨੂੰ ਮੁਜ਼ੱਫਰਾਬਾਦ ਲਈ ਇੱਕ ਵਫ਼ਦ ਭੇਜਿਆ ਸੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਤਾਰਿਕ ਫਜ਼ਲ ਚੌਧਰੀ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ।