POK Protests: ਪੀਓਕੇ ’ਚ ਹਿੰਸਾ ਅਤੇ ਵਿਵਾਦ ; ਚਿੰਤਾ ’ਚ ਪਾਕਿਸਤਾਨੀ ਪ੍ਰਧਾਨ ਮੰਤਰੀ
POK Protests: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਵਿਗੜਦੇ ਕਾਨੂੰਨ ਵਿਵਸਥਾ ਦੇ ਹਲਾਤਾਂ ’ਤੇ ‘ਡੂੰਘੀ ਚਿੰਤਾ’ ਪ੍ਰਗਟਾਈ ਅਤੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਹੱਲ ਲੱਭਣ ਲਈ ਕਮੇਟੀ ਦਾ ਵਿਸਥਾਰ ਕੀਤਾ ਗਿਆ।
ਸ਼ਰੀਫ ਦਾ ਇਹ ਕਦਮ ਜੰਮੂ ਅਤੇ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (JKJAAC) ਦੁਆਰਾ ਤਿੰਨ ਦਿਨਾਂ ਦੀ ਹੜਤਾਲ ਤੋਂ ਬਾਅਦ ਆਇਆ। ਰਿਪੋਰਟ ਅਨੁਸਾਰ ਪੀਓਕੇ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਘੱਟੋ-ਘੱਟ ਛੇ ਨਾਗਰਿਕ ਅਤੇ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਹਨ।
ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਾਂ ਵਿੱਚ ਲਗਭਗ 172 ਪੁਲੀਸ ਕਰਮਚਾਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 12 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਹਿੰਸਕ ਪ੍ਰਦਰਸ਼ਨਾਂ ਦੌਰਾਨ ਲਗਭਗ 50 ਨਾਗਰਿਕ ਵੀ ਜ਼ਖ਼ਮੀ ਹੋਏ ਹਨ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਸ਼ਰੀਫ਼ ਨੇ ਪ੍ਰਦਰਸ਼ਨਾਂ ਦੌਰਾਨ ਹੋਈਆਂ ਮੰਦਭਾਗੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਮਾਮਲੇ ਦੀ ਪਾਰਦਰਸ਼ੀ ਜਾਂਚ ਦੇ ਹੁਕਮ ਦਿੱਤੇ।
ਸ਼ਰੀਫ਼ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਪ੍ਰਦਰਸ਼ਨਕਾਰੀਆਂ ਨਾਲ ਸੰਜਮ ਨਾਲ ਪੇਸ਼ ਆਉਣ ਦੇ ਨਿਰਦੇਸ਼ ਵੀ ਦਿੱਤੇ।
ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ।
ਉਨ੍ਹਾਂ ਅਪੀਲ ਕੀਤੀ ਕਿ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਹਰ ਨਾਗਰਿਕ ਦਾ ਸੰਵਿਧਾਨਕ ਅਤੇ ਲੋਕਤੰਤਰੀ ਅਧਿਕਾਰ ਹੈ ਪਰ ਪ੍ਰਦਰਸ਼ਨਕਾਰੀਆਂ ਨੂੰ ਜਨਤਕ ਵਿਵਸਥਾ ਨੂੰ ਭੰਗ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।