ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂਆਂ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 21 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 34ਵੀਂ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ’ਤੇ ਇਕ ਪੋਸਟ ਵਿਚ ਮੋਦੀ ਨੇ ਕਿਹਾ, ‘‘ਅੱਜ ਉਨ੍ਹਾਂ ਦੀ ਬਰਸੀ ’ਤੇ, ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।’’
On his death anniversary today, I pay my tributes to our former Prime Minister Shri Rajiv Gandhi Ji.
— Narendra Modi (@narendramodi) May 21, 2025
ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 34ਵੀਂ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਾਰਟੀ ਮੁਖੀ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਤੇ ਦਲੇਰ ਭਾਗੀਦਾਰੀ 21ਵੀਂ ਸਦੀ ਦੀਆਂ ਚੁਣੌਤੀਆਂ ਅਤੇ ਮੌਕਿਆਂ ਲਈ ਭਾਰਤ ਨੂੰ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਸਨ। ਇਸ ਦੌਰਾਨ ਮਲਿਕਰਜੁਨ ਖੜਗੇ ਅਤੇ ਸਾਬਕਾ ਪਾਰਟੀ ਮੁਖੀ ਰਾਹੁਲ ਗਾਂਧੀ ਨੇ ਇੱਥੇ ਵੀਰ ਭੂਮੀ ਵਿਖੇ ਰਾਜੀਵ ਗਾਂਧੀ ਦੇ ਸਮਾਰਕ ’ਤੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ।
‘ਐਕਸ’ ’ਤੇ ਸਾਂਝੀ ਕੀਤੀ ਪੋਸਟ ਵਿਚ ਰਾਹੁਲ ਗਾਂਧੀ ਨੇ ਕਿਹਾ, "ਪਾਪਾ, ਤੁਹਾਡੀਆਂ ਯਾਦਾਂ ਹਰ ਕਦਮ ’ਤੇ ਮੇਰਾ ਮਾਰਗਦਰਸ਼ਨ ਕਰਦੀਆਂ ਹਨ। ਮੇਰਾ ਸੰਕਲਪ ਤੁਹਾਡੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ ਅਤੇ ਮੈਂ ਅਜਿਹਾ ਕਰਾਂਗਾ।’’ ਇਸ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਸੰਚਾਰ ਇੰਚਾਰਜ ਜੈਰਾਮ ਰਮੇਸ਼, ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ‘ਐਕਸ’ ’ਤੇ ਪੋਸਟ ਕਰਦਿਆਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ 1984 ਤੋਂ 1989 ਤੱਕ ਬਹੁਮਤ ਵਾਲੀ ਸਰਕਾਰ ਦੀ ਅਗਵਾਈ ਕਰਨ ਵਾਲੇ ਆਖਰੀ ਕਾਂਗਰਸ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦੀ 1991 ਵਿੱਚ ਅੱਜ ਦੇ ਦਿਨ ਤਾਮਿਲਨਾਡੂ ਦੇ ਸ੍ਰੀਪੇਰੰਬੁਦੁਰ ਵਿਚ ਚੋਣ ਪ੍ਰਚਾਰ ਦੌਰਾਨ ਸ੍ਰੀਲੰਕਾ ਸਥਿਤ ਅਤਿਵਾਦੀ ਸੰਗਠਨ ਲਿਬਰੇਸ਼ਨ ਟਾਈਗਰਜ਼ ਆਫ ਤਾਮਿਲ ਈਲਮ (LTTE) ਦੁਆਰਾ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ