'ਇੱਕ ਰਾਸ਼ਟਰ, ਇੱਕ ਪਤੀ': ਮਾਨ ਨੇ ਭਾਜਪਾ ਦੀ ਸਿੰਧੂਰ ਮੁਹਿੰਮ ਸੇਧਿਆ ਨਿਸ਼ਾਨਾ
ਆਤਿਸ਼ ਗੁਪਤਾ
ਚੰਡੀਗੜ੍ਹ, 3 ਜੂਨ
ਪੰਜਾਬ ਕੈਬਨਿਟ ਨੇ ਅੱਜ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਅੱਜ 31 ਮਾਰਚ 2020 ਤੱਕ ਦੇ ਬਕਾਇਆ ਕਰਜ਼ਿਆਂ ਨੂੰ ਮਾਫ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਰਜ਼ਾ ਮੁਆਫ਼ੀ ਲਈ ਭੱਜ-ਦੌੜ ਕਰ ਰਹੇ ਸਨ ਕਿਉਂਕਿ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਸਾਲ ਮਾਰਚ ਵਿਚ ਵਿੱਤੀ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕੀਤੇ ਜਾਣ ਮੌਕੇ ਇਨ੍ਹਾਂ ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ। ਇਸ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਬ੍ਰੀਫਿੰਗ ਲਈ ਮੁੱਖ ਮੰਤਰੀ ਦੇ ਨਾਲ ਆਏ ਚੀਮਾ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਨਿਗਮ ਵਿੱਚ ਕਰਜ਼ੇ ਦੀ ਅਦਾਇਗੀ ਦਰ 84 ਪ੍ਰਤੀਸ਼ਤ ਤੋਂ ਵੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਐੱਸਸੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 1971 ਤੋਂ ਲੈ ਕੇ ਹੁਣ ਤੱਕ 5.41 ਲੱਖ ਲੋਕਾਂ ਨੂੰ 847 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਹਨ। ਇਸ ਵਿੱਚੋਂ ਸਾਲ 2001 ਤੋਂ ਲੈ ਕੇ 2020 ਤੱਕ 4727 ਲੋਕਾਂ ਨੇ ਕਰਜ਼ੇ ਵਾਪਸ ਨਹੀਂ ਕੀਤੇ। ਇਸ ਲਈ ਅੱਜ ਪੰਜਾਬ ਸਰਕਾਰ ਨੇ 31 ਮਾਰਚ 2020 ਤੱਕ ਦੇ ਬਕਾਇਆ 68 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮਾਫ ਕਰ ਦਿੱਤਾ ਹੈ।
ਮੁੱਖ ਮੰਤਰੀ ਵੱਲੋਂ ਬੀਬੀਐਮਬੀ ਦਾ ਪੁਨਰਗਠਨ ਕਰਨ ਦੀ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀਐਮਬੀ ਦੇ ਪੁਨਰਗਠਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਬੀਐਮਬੀ ਵਿੱਚ ਪੰਜਾਬ ਦੀਆਂ ਤਿੰਨ ਹਜ਼ਾਰ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਵੰਡ ਵੀ ਪੁਰਾਣੇ ਸਮੇਂ ਅਨੁਸਾਰ ਕੀਤੀ ਜਾ ਰਹੀ ਹੈ, ਜਿਸ ਦਾ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਮੁਲਾਂਕਣ ਕਰਨਾ ਚਾਹੀਦਾ ਹੈ।
ਭਾਜਪਾ ਨੇ ਸਿੰਧੂਰ ਦਾ ਮਜ਼ਾਕ ਉਡਾਇਆ: ਮਾਨ
ਭਾਜਪਾ ਵੱਲੋਂ ਆਪਰੇਸ਼ਨ ਸਿੰਧੂਰ ਤੋਂ ਬਾਅਦ ਸਿੰਧੂਰ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿੰਧੂਰ ਦਾ ਮਜ਼ਾਕ ਉਡਾਇਆ ਹੈ। ਇਹ ਕੋਈ ਵਨ ਨੇਸ਼ਨ ਵਨ ਹਸਬੈਂਡ ਸਕੀਮ ਨਹੀਂ ਹੈ, ਜੋ ਘਰ-ਘਰ ਪਹੁੰਚਾਈ ਜਾਵੇ। ਸ੍ਰੀ ਮਾਨ ਨੇ ਸਵਾਲ ਕੀਤਾ, ‘‘ਜੇ ਕਿਸੇ ਦੇ ਘਰ ਕੋਈ ਸਿੰਧੂਰ ਲਿਉਂਦਾ ਹੈ ਤਾਂ ਕੀ ਕਹੋਗੇ, ਇਹ ਮੋਦੀ ਦੇ ਨਾਮ ਦਾ ਸਿੰਧੂਰ ਹੈ, ਜਾਂ ਕੀ ਲੋਕ ਇਸ ਇਸ ਨੂੰ ਲੋਕ ਲਗਾਉਣਗੇ।’’ ਉਨ੍ਹਾਂ ਕਿਹਾ ਕਿ ਭਾਜਪਾ ਸਿੰਧੂਰ ਦੇ ਨਾਮ ਉੱਤੇ ਵੋਟਾਂ ਮੰਗ ਰਹੀ ਹੈ। ਇਹ ਸਿੰਧੂਰ ਦਾ ਵੱਡਾ ਮਜ਼ਾਕ ਹੈ। ਜ਼ਿਕਰਯੋਗ ਹੈ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਦੌਰਾਨ ਆਪਰੇਸ਼ਨ ਸਿੰਧੂਰ ਨੂੰ ਪ੍ਰਚਾਰਿਆ ਜਾ ਰਿਹਾ ਹੈ।