Punjab cabinet ਪੰਜਾਬ ਕੈਬਨਿਟ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਮਨਜ਼ੂਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਪੰਜਾਬ ਵਜ਼ਾਰਤ ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ(ਕੈਗ) ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਹੈ।
ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨ
ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਹਟਾਉਣ ਲਈ ਸੋਧ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ।