DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ, ਬੀਬੀਐੱਮਬੀ ਦਾ ਸਕੱਤਰ ਵੀ ਬਦਲਿਆ

ਪੰਜਾਬ ਸਰਕਾਰ ਨੇ ਨੰਗਲ ਡੈਮ ’ਤੇ ਸੁਰੱਖਿਆ ਵਧਾਈ

  • fb
  • twitter
  • whatsapp
  • whatsapp
featured-img featured-img
ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 1 ਮਈ

Advertisement

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ।

Advertisement

ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ, ਉਨ੍ਹਾਂ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।

ਅੱਜ ਪੰਜਾਬ ਦੇ ਮੁੱਖ ਇੰਜਨੀਅਰ ਨੇ ਬੀਬੀਐਮਬੀ ਨੂੰ ਪੱਤਰ ਲਿਖਿਆ ਹੈ ਕਿ ਨਵੇਂ ਤਾਇਨਾਤ ਕੀਤੇ ਸੰਜੀਵ ਕੁਮਾਰ ਕੋਲ ਡੈਮ ਸੇਫ਼ਟੀ ਦਾ ਹੀ ਤਜਰਬਾ ਹੈ ਜਦੋਂ ਕਿ ਉਸ ਕੋਲ ਵਾਟਰ ਰੈਗੂਲੇਸ਼ਨ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਤਬਾਦਲਾ ਫ਼ੌਰੀ ਰੱਦ ਕੀਤਾ ਜਾਵੇ।

ਨੰਗਲ ਡੈਮ ਦੀ ਸੁਰੱਖਿਆ ਵਧਾਈ

ਉਧਰ ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਦੇ ਪੱਖ ’ਚ ਸੁਣਾਏ ਫੈਸਲੇ ਮਗਰੋਂ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ । ਪੁਲੀਸ ਨੂੰ ਡੈਮ ਕੋਲ ਤਾਇਨਾਤ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਹੁਣ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ ਆ ਗਏ ਹਨ । ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਨੇ ਵਾਧੂ ਪਾਣੀ ਹਰਿਆਣਾ ਨੂੰ ਦੇਣ ਤੋਂ ਰੋਕਣ ਲਈ ਸਾਰੇ ਤਰੀਕੇ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਪੁਲੀਸ ਡੈਮ ਲਾਗੇ ਪਹੁੰਚ ਗਈ ਹੈ।

ਪੰਜਾਬ ਦੇ ਉਬਾਲ ਮਗਰੋਂ ਬੀਬੀਐਮਬੀ ਦਾ ਸਕੱਤਰ ਤਬਦੀਲ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਤੇ ਪੰਜਾਬ ਵਿੱਚ ਉੱਠੇ ਸਿਆਸੀ ਉਬਾਲ ਨੂੰ ਦੇਖਦਿਆਂ ਅੱਜ ਬੀਬੀਐੱਮਬੀ ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਵੀ ਤਬਾਦਲਾ ਕਰ ਦਿੱਤਾ ਹੈ। ਸੁਰਿੰਦਰ ਸਿੰਘ ਮਿੱਤਲ ਹਰਿਆਣਾ ਦਾ ਰਹਿਣ ਵਾਲਾ ਹੈ ਜਿਸ ਦੀ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਮਾਮਲੇ ’ਚ ਅਹਿਮ ਭੂਮਿਕਾ ਰਹੀ ਹੈ।

ਬੀਬੀਐੱਮਬੀ ਨੇ ਹੁਣ ਰਾਜਸਥਾਨ ਦੇ ਇੰਜੀਨੀਅਰ ਬਲਬੀਰ ਸਿੰਘ ਨੂੰ ਡਾਇਰੈਕਟਰ (ਸੁਰੱਖਿਆ) ਦੇ ਨਾਲ ਨਾਲ ਬੀਬੀਐੱਮਬੀ ਦੇ ਸਕੱਤਰ ਦਾ ਵਾਧੂ ਚਾਰਜ ਦੇ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਇੰਜੀਨੀਅਰ ਰਾਜੀਵ ਸੈਣੀ ਨੂੰ ਬੀਬੀਐੱਮਬੀ ਦੇ ਚੇਅਰਮੈਨ ਦਾ ਓਐਸਡੀ (ਟੈਕਨੀਕਲ) ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਲੰਘੀ ਰਾਤ ਬੀਬੀਐੱਮਬੀ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਨੂੰ ਅਮਲ ਵਿੱਚ ਲਿਆਉਣ ਲਈ ਪੰਜਾਬ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਬਦਲ ਦਿੱਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਸਿਆਸੀ ਮੋਰਚਾ ਖੋਲ੍ਹ ਦਿੱਤਾ ਹੈ। ਬੀਬੀਐੱਮਬੀ ਦੀ ਭੂਮਿਕਾ ਦੀ ਸ਼ੱਕ ਦੇ ਦਾਇਰੇ ਵਿੱਚ ਆਉਣ ਮਗਰੋਂ ਪੰਜਾਬ ਤਲਖ਼ ਹੋ ਗਿਆ ਹੈ। ਮਾਹੌਲ ਨੂੰ ਦੇਖਦਿਆਂ ਹੁਣ ਬੀਬੀਐੱਮਬੀ ਨੇ ਹਰਿਆਣਾ ਦਾ ਬੀਬੀਐੱਮਬੀ ਵਿੱਚ ਸਕੱਤਰ ਵਜੋਂ ਤਾਇਨਾਤ ਸੁਰਿੰਦਰ ਸਿੰਘ ਮਿੱਤਲ ਤਬਦੀਲ ਕਰ ਦਿੱਤਾ ਹੈ। ਨਵੇਂ ਤਾਇਨਾਤੀਆਂ ਵਿੱਚ ਪੰਜਾਬ ਤੇ ਰਾਜਸਥਾਨ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ।

ਪੰਜਾਬ ਕਾਂਗਰਸ ਦੀ ਚੁੱਪ ’ਤੇ ਉੱਠੀ ਉਂਗਲ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਲਏ ਫ਼ੈਸਲੇ ਤੇ ਪੰਜਾਬ ਕਾਂਗਰਸ ਦੀ ਚੁੱਪ ’ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਤੇ ਤਿੰਨ ਦਿਨਾਂ ਤੋਂ ਰੌਲਾ ਰੱਪਾ ਪੈ ਰਿਹਾ ਹੈ, ਪਰ ਪੰਜਾਬ ਕਾਂਗਰਸ ਨੇ ਹਾਲੇ ਤੱਕ ਇਸ ਮਾਮਲੇ ’ਤੇ ਆਪਣਾ ਮੂੰਹ ਨਹੀਂ ਖੋਲ੍ਹਿਆ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਇਕਲੌਤੇ ਕਾਂਗਰਸੀ ਆਗੂ ਹਨ ਜਿਨ੍ਹਾਂ ਨੇ ਇਸ ਮਾਮਲੇ ’ਤੇ ਆਵਾਜ਼ ਉਠਾਈ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵਾ 12 ਵਜੇ ਤੱਕ ਇਸ ਮਾਮਲੇ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਹਾਲਾਂਕਿ ਰਾਜਾ ਵੜਿੰਗ ਨੇ ਕਿਸੇ ਹੋਰ ਮਾਮਲੇ ’ਤੇ ‘ਐਕਸ’ ’ਤੇ ਰਾਹੁਲ ਗਾਂਧੀ ਨੂੰ ਮੁਬਾਰਕਬਾਦ ਦਿੱਤੀ ਹੈ ਪ੍ਰੰਤੂ ਉਨ੍ਹਾਂ ਨੇ ਭਾਜਪਾ ਵੱਲੋਂ ਪੰਜਾਬ ਨਾਲ ਕੀਤੇ ਉਪਰੋਕਤ ਧੱਕੇ ਬਾਰੇ ਕੋਈ ਲਫ਼ਜ਼ ਨਹੀਂ ਬੋਲਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪਾਣੀਆਂ ਦੇ ਮਾਮਲੇ ’ਤੇ ਚੁੱਪ ਹੀ ਵੱਟੀ ਹੋਈ ਹੈ।

ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਇਸ ਮਾਮਲੇ ’ਤੇ ਦੁਪਹਿਰ ਤੱਕ ਚੁੱਪ ਹੀ ਨਜ਼ਰ ਆਏ ਹਨ। ਪੰਜਾਬ ਦੇ ਲੋਕਾਂ ਵਿੱਚ ਕਾਂਗਰਸ ਦੀ ਚੁੱਪ ਨੂੰ ਲੈ ਕੇ ਘੁਸਰ ਮੁਸਰ ਹੋਣ ਲੱਗ ਪਈ ਹੈ। ਦੂਜੇ ਪਾਸੇ ਹਰਿਆਣਾ ਦੇ ਕਾਂਗਰਸੀ ਆਗੂ ਖੁੱਲ੍ਹ ਕੇ ਬੋਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਨੂੰ ਦਿੱਤੇ ਵਾਧੂ ਪਾਣੀ ਦੇ ਮਾਮਲੇ ’ਤੇ ਆਵਾਜ਼ ਚੁੱਕੀ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਪੱਖ ਵਿੱਚ ਸਟੈਂਡ ਲਿਆ ਹੈ।

Advertisement
×