Punjab Government Jobs: ਸਰਕਾਰੀ ਨੌਕਰੀਆਂ ’ਚ ਮੈਰਿਟ ਦੀ ਬੱਲੇ ਬੱਲੇ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ
Punjab Government Jobs: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਅੱਜ ਵੀ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਉੱਥੇ ਪੰਜਾਬ ਵਿੱਚ ਤਸਵੀਰ ਇਸ ਤੋਂ ਬਿਲਕੁਲ ਉਲਟ ਨਜ਼ਰ ਆਉਂਦੀ ਹੈ। ਹੋਰਨਾਂ ਸੂਬਿਆਂ ਵਿੱਚ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਅਕਸਰ ਕਾਗਜ਼ੀ ਦੇਰੀ, ਘੁਟਾਲਿਆਂ ਅਤੇ ਪਾਰਦਰਸ਼ਤਾ ਦੀ ਘਾਟ ਕਾਰਨ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਜਦੋਂਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਕੇ ਇੱਕ ਨਵੀਂ ਅਤੇ ਮਿਸਾਲੀ ਸਕਾਰਾਤਮਕ ਪਹੁੰਚ ਦਰਸਾਈ ਹੈ।
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਰੁਜ਼ਗਾਰ ਕ੍ਰਾਂਤੀ’ ਨੇ ਸੂਬੇ ਦੇ ਨੌਜਵਾਨਾਂ ਦੀ ਕਿਸਮਤ ਨੂੰ ਨਵਾਂ ਮੋੜ ਦਿੱਤਾ ਹੈ। ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਸਰਕਾਰ ਨੇ 68,000 ਤੋਂ ਵੱਧ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਨਾਲ ਨਿਵਾਜਿਆ ਹੈ। ਇਸ ਇਤਿਹਾਸਕ ਪ੍ਰਾਪਤੀ ਨੇ ਸੂਬੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਇੱਕ ਨਵੀਂ ਉਮੀਦ ਅਤੇ ਸਥਾਈ ਖੁਸ਼ਹਾਲੀ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਇਸ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਸਭ ਤੋਂ ਵੱਡਾ ਪ੍ਰਭਾਵ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਦਾ ਸਰਕਾਰੀ ਪ੍ਰਣਾਲੀ ਅਤੇ ਨੀਤੀਆਂ ਵਿੱਚ ਵਿਸ਼ਵਾਸ ਬਹੁਤ ਜ਼ਿਆਦਾ ਵਧਿਆ ਹੈ। ਪਹਿਲਾਂ ਜਿੱਥੇ ਬੇਰੁਜ਼ਗਾਰੀ ਤੋਂ ਅੱਕ ਕੇ ਨੌਜਵਾਨ ਆਪਣੀ ਪੂੰਜੀ ਲਗਾ ਕੇ ਵਿਦੇਸ਼ਾਂ ਵੱਲ ਕੂਚ ਕਰਨ ਲਈ ਮਜਬੂਰ ਸਨ, ਉੱਥੇ ਹੀ ਹੁਣ ਉਹ ਪੰਜਾਬ ਵਿੱਚ ਹੀ ਰਹਿ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਆਪਣੇ ਘਰ-ਪਰਿਵਾਰ ਕੋਲ ਰਹਿ ਕੇ ਸਰਕਾਰੀ ਸੇਵਾ ਨਿਭਾਉਣਾ ਉਨ੍ਹਾਂ ਲਈ ਇੱਕ ਸੁਪਨੇ ਦੇ ਸੱਚ ਹੋਣ ਵਾਂਗ ਹੈ ਅਤੇ ਇਹ ਸਿਲਸਿਲਾ ਬਿਨਾਂ ਕਿਸੇ ਰੁਕਾਵਟ ਤੋਂ ਲਗਾਤਾਰ ਜਾਰੀ ਹੈ।
ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਦਾ ਦਾਇਰਾ ਸਿਰਫ਼ ਮੌਜੂਦਾ ਵਿਭਾਗਾਂ ਤੱਕ ਹੀ ਸੀਮਤ ਨਹੀਂ ਹੈ ਸਗੋਂ ਇਸ ਦਾ ਵਿਸਥਾਰ ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਵਿੱਚ ‘ਅਗਨੀਵੀਰਾਂ’ ਲਈ ਵਿਸ਼ੇਸ਼ ਰਾਖਵਾਂਕਰਨ ਯਕੀਨੀ ਬਣਾਉਣ ਵਾਸਤੇ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ। ਇਹ ਕਮੇਟੀ ਰਾਖਵੇਂਕਰਨ ਦੇ ਲਾਭ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਇੱਕ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਿੱਚ ਹੋਰ ਵੀ ਵਾਧਾ ਹੋਵੇਗਾ। ਪੰਜਾਬ ਸਰਕਾਰ ਦੀ ਇਹ ਦੂਰਅੰਦੇਸ਼ ਸੋਚ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਨੌਜਵਾਨ ਪੀੜ੍ਹੀ ਦੀ ਤਰੱਕੀ ਅਤੇ ਖ਼ੁਸ਼ਹਾਲੀ ਹੀ ਸੂਬੇ ਦੇ ਸੁਨਹਿਰੀ ਭਵਿੱਖ ਦੀ ਅਸਲ ਬੁਨਿਆਦ ਸਾਬਿਤ ਹੋ ਰਹੀ ਹੈ। ਇਹ ਉਪਰਾਲੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹਨ।

