Punjab News ਡੇਰਾ ਮੁਖੀ ਨੂੰ ਪੈਰੋਲ: ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 28 ਫਰਵਰੀ
SC dismisses SGPC's plea ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ/ਫਰਲੋ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸਿਖਰਲੀ ਕੋਰਟ ਨੇ ਕਿਹਾ ਕਿ ਜੇ ਡੇਰਾ ਮੁਖੀ ਨੂੰ ਨਿਯਮਾਂ ਮੁਤਾਬਕ ਪੈਰੋਲ ਦਿੱਤੀ ਗਈ ਹੈ ਤਾਂ ਇਸ ਵਿਚ ਕੁਝ ਵੀ ਗ਼ਲਤ ਨਹੀਂ ਹੈ। ਉਧਰ ਡੇਰਾ ਮੁਖੀ ਰਾਮ ਰਹੀਮ 30 ਦਿਨਾਂ ਦੀ ਪੈਰੋਲ ਮੁੱਕਣ ਮਗਰੋਂ ਅੱਜ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਗਿਆ ਹੈ।
ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਨੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦੇਣ ਦੇ ਫੈਸਲੇ ਨੂੰ ਪਹਿਲਾਂ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਵੱਲੋਂ ਪਟੀਸ਼ਨ ਰੱਦ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ 30 ਦਿਨ ਦੀ ਪੈਰੋਲ ਮੁੱਕਣ ਮਗਰੋਂ ਅੱਜ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਗਿਆ ਹੈ। ਡੇਰਾ ਮੁਖੀ ਨੂੰ ਦਿੱਲੀ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ ਪੈਰੋਲ ਦਿੱਤੀ ਗਈ ਸੀ। ਉਂਝ ਇਹ ਪਹਿਲਾ ਮੌਕਾ ਨਹੀਂ ਜਦੋਂ ਡੇਰਾ ਮੁਖੀ ਚੋਣਾਂ ਤੋਂ ਪਹਿਲਾਂ ਪੈਰੋਲ ਜਾਂ ਫਰਲੋ ਉੱਤੇ ਜੇਲ੍ਹ ’ਚੋਂ ਬਾਹਰ ਆਇਆ ਹੈ। ਹਰਿਆਣਾ ਵਿਚ 2 ਮਾਰਚ ਨੂੰ ਨਿਗਮ ਚੋਣਾਂ ਹਨ। ਡੇਰਾ ਮੁਖੀ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਕੈਦ ਦੀ ਸਜ਼ਾ ਕਟ ਰਿਹਾ ਹੈ।