Punjab Assembly session: ‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ
Punjab Assembly Session ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ ’ਤੇ ਮਹਿਲਾਵਾਂ ਨੂੰ ਬੈਂਕ ਖਾਤਿਆਂ ਵਿਚ ਮਾਸਿਕ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਤੋਂ ਭੱਜਣ ਦਾ ਵੀ ਦੋਸ਼ ਲਾਇਆ। ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਲੰਬੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦਿੱਤਾ ਜਾਵੇਗਾ।
ਬਾਜਵਾ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪਰ ਸੂਬਾ ਸਰਕਾਰ ਇਸ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸੈਸ਼ਨ ਬੁਲਾਉਣ ਤੋਂ ਭੱਜ ਰਹੀ ਹੈ। ਜਿਸ ਨੇ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਾਤਾਰ ਵਿਗੜ ਰਹੀ ਆਰਥਿਕ ਹਾਲਤ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ।