Sanae Takaichi ਦੀ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਚੋਣ
ਜਾਪਾਨ ਦੀ ਸੰਸਦ ਨੇ ਮੰਗਲਵਾਰ ਨੂੰ ਅਤਿ-ਰੂੜੀਵਾਦੀ ਸਾਨੇ ਤਾਕਾਇਚੀ (Sanae Takaichi) ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣ ਲਿਆ ਹੈ। ਲਿਬਰਲ ਡੈਮੋਕਰੈਟਿਕ ਪਾਰਟੀ ਦੀ ਮੁਖੀ ਤਾਕਾਇਚੀ(64) ਸ਼ਿਗੇਰੂ ਇਸ਼ੀਬਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦੋ ਚੋਣ ਹਾਰਾਂ ਤੋਂ ਬਾਅਦ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨੇੜਿਓਂ ਕੰਮ ਕਰਨ ਦੀ ਉਮੀਦ ਕਰਦੇ ਹਨ।
ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੋਣ ’ਤੇ ਹਾਰਦਿਕ ਵਧਾਈਆਂ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਸਾਡੇ ਡੂੰਘੇ ਸਬੰਧ ਭਾਰਤ-ਪ੍ਰਸ਼ਾਂਤ ਅਤੇ ਇਸ ਤੋਂ ਬਾਹਰ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹਨ।’’