ਪਾਕਿਸਤਾਨ ਦੇ ਕੋਹਾਟ ਜ਼ਿਲ੍ਹੇ ਵਿੱਚ ਪੁਲੀਸ ਲਾਈਨ ਨੇੜੇ ਸਥਿਤ ਇੱਕ ਮਸਜਿਦ 'ਚ ਸ਼ੁੱਕਰਵਾਰ (ਜੁਮੇ) ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਧਮਾਕੇ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਖ਼ੈਬਰ ਪਖ਼ਤੂਨਖ਼ਵਾ ਦੀ ਰਾਜਧਾਨੀ ਪੇਸ਼ਾਵਰ ਤੋਂ ਲਗਪਗ 60 ਕਿਲੋਮੀਟਰ ਦੱਖਣ-ਪੱਛਮ ਵੱਲ ਕੋਹਾਟ ਜ਼ਿਲ੍ਹੇ ਵਿੱਚ ਸਥਿਤ ਪੁਰਾਣੀ ਪੁਲੀਸ ਲਾਈਨ ਦੇ ਨੇੜੇ ਬਣੀ ਮਸਜਿਦ ਵਿੱਚ ਹੋਇਆ। ਸੂਬਾਈ ਪੁਲੀਸ ਮੁਖੀ ਜ਼ੁਲਫਿਕਾਰ ਹਮੀਦ ਨੇ ਕਿਹਾ ਕਿ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਕੋਹਾਟ ਪੁਲੀਸ ਲਾਈਨ ਦੀ ਮਸਜਿਦ ਵਿੱਚ ਜੁਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਧਮਾਕੇ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਪੰਜ ਪੁਲੀਸ ਮੁਲਾਜ਼ਮ ਅਤੇ 11 ਆਮ ਨਾਗਰਿਕ ਸ਼ਾਮਲ ਹਨ।
ਨਿਊਜ਼ ਚੈਨਲ 'ਜੀਓ ਨਿਊਜ਼' ਨੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਦੇ ਐੱਮ ਐਸ ਤਾਹਿਰ ਅਲੀ ਸ਼ਾਹ ਦੇ ਹਵਾਲੇ ਨਾਲ ਆਪਣੀ ਖ਼ਬਰ ਵਿੱਚ ਦੱਸਿਆ ਕਿ ਧਮਾਕੇ ਤੋਂ ਬਾਅਦ ਹਸਪਤਾਲ ਵਿੱਚ 15 ਲਾਸ਼ਾਂ ਲਿਆਂਦੀਆਂ ਗਈਆਂ, ਜਦਕਿ 50 ਤੋਂ ਵੱਧ ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਜ਼ਿਆਦਾਤਰ ਨਮਾਜ਼ੀ ਸਨ। ਉਨ੍ਹਾਂ ਦੱਸਿਆ ਕਿ ਧਮਾਕੇ ਕਾਰਨ ਮਸਜਿਦ ਦੇ ਬਾਹਰ ਟੋਆ ਪੈ ਗਿਆ।
'ਰੈਸਕਿਊ 1122 ਖ਼ੈਬਰ ਪਖ਼ਤੂਨਖ਼ਵਾ' ਦੇ ਬੁਲਾਰੇ ਬਿਲਾਲ ਅਹਿਮਦ ਫ਼ੈਜ਼ੀ ਮੁਤਾਬਕ, ਸੂਚਨਾ ਮਿਲਣ ਤੋਂ ਤੁਰੰਤ ਬਾਅਦ ਬਚਾਅ ਟੀਮਾਂ ਘਟਨਾ ਵਾਲੀ ਥਾਂ 'ਤੇ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਵਿੱਚੋਂ ਕਈ ਲੋਕਾਂ ਨੂੰ ਮੁੱਢਲੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਬੁਲਾਰੇ ਨੇ ਕਿਹਾ ਕਿ ਬਚਾਅ ਟੀਮਾਂ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ।

