Trump-Harvard University: ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਬੋਸਟਨ, 23 ਮਈ
Trump Administration bars Harvard University from enroling foreign students ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਾਂ ਇਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਸਥਿਤੀ ਦਾ ਦਰਜਾ ਨਾ ਮਿਲਣ ਬਾਰੇ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਕਾਲਜਾਂ ਵਿੱਚ ਵੀ ਅਜਿਹਾ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਦੇ ਸਟੂਡੈਂਟ ਐਕਸਚੇਂਜ ਵਿਜ਼ਟਰ ਪ੍ਰੋਗਰਾਮ (SEVP) ਦੀ ਮਾਨਤਾ ਰੱਦ ਕਰ ਦਿੱਤੀ ਹੈ ਜਿਸ ਤਹਿਤ ਯੂਨੀਵਰਸਿਟੀ ਹੁਣ 2025-2026 ਸਿੱਖਿਆ ਸੈਸ਼ਨ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਨਹੀਂ ਕਰ ਸਕਦੀ। ਅਮਰੀਕੀ ਪ੍ਰਸ਼ਾਸਨ ਨੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਨਿਊਯਾਰਕ ਦੀ ਕੋਲੰਬੀਆ ਯੂਨੀਵਰਸਿਟੀ ਖ਼ਿਲਾਫ਼ ਵੀ ਅਜਿਹੀ ਕਾਰਵਾਈ ਹੋ ਸਕਦੀ ਹੈ।
ਹੋਮਲੈਂਡ ਸਕਿਓਰਿਟੀ ਸਕੱਤਰ ਕ੍ਰਿਸਟੀ ਨੋਏਮ ਨੇ ਯੂਨੀਵਰਸਿਟੀ ਨੂੰ 2025-2026 ਲਈ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਐਕਸਚੇਂਜ ਵਿਜ਼ਟਰ ਪ੍ਰੋਗਰਾਮ ਨੂੰ ਖਤਮ ਕਰਨ ਲਈ ਕਿਹਾ ਹੈ। ਨੋਏਮ ਨੇ ਯੂਨੀਵਰਸਿਟੀ ’ਤੇ ਹਿੰਸਾ ’ਤੇ ਜ਼ੋਰ ਦੇਣ ਅਤੇ ਚੀਨੀ ਕਮਿਊਨਿਸਟ ਪਾਰਟੀ ਨਾਲ ਤਾਲਮੇਲ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਹਾਰਵਰਡ ਯੂਨੀਵਰਸਿਟੀ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦਾ ਇਹ ਕਦਮ ਹਜ਼ਾਰਾਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਜੋ ਗਲਤ ਹੈ ਅਤੇ ਇਹ ਬਦਲੇ ਦੀ ਭਾਵਨਾ ਨਾਲ ਲਿਆ ਗਿਆ ਫੈਸਲਾ ਹੈ।
ਇਸ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਤੋਂ ਵਿਦੇਸ਼ੀ ਵਿਦਿਆਰਥੀਆਂ ਦੇ ਅੰਕੜੇ ਮੰਗੇ ਸਨ ਪਰ ਯੂਨੀਵਰਸਿਟੀ ਨੇ ਇਹ ਅੰਕੜੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।