ਪੱਤਰ ਪ੍ਰੇਰਕ
ਪਟਿਆਲਾ, 24 ਜੂਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਪੀਐੱਸਪੀਸੀਐੱਲ ਦੇ ਬੁਲਾਰੇ ਨੇ ਦੱਸਿਆ ਕਿ ਬਿਜਲੀ ਦੀ ਚੋਰੀ ਅਤੇ ਹੋਰ ਉਲੰਘਣਾਵਾਂ ਦੇ ਦੋਸ਼ ਹੇਠ 71 ਖਪਤਕਾਰਾਂ ਨੂੰ 31.81 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੀਐੱਸਪੀਸੀਐੱਲ ਦੇ ਇਨਫੋਰਸਮੈਂਟ ਵਿੰਗ ਦੇ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਟੀਮਾਂ ਨੇ ਪੁਲੀਸ ਦੇ ਨਾਲ ਸਾਂਝੇ ਤੌਰ ‘ਤੇ ਵੱਖ-ਵੱਖ ਖੇਤਰਾਂ ਵਿੱਚ 683 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ। ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸਾਂਝੇ ਛਾਪਿਆਂ ਦੌਰਾਨ ਪਟਿਆਲਾ ਸਰਕਲ ਅਧੀਨ ਪੈਂਦੇ ਸਮਰਾਲਾ ਦਿਹਾਤੀ ਅਤੇ ਖਮਾਣੋਂ ਖੇਤਰਾਂ ਵਿੱਚ 247 ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ ਹੈ।