ਖੇਤਰੀ ਪ੍ਰਤੀਨਿਧ
ਪਟਿਆਲਾ, 4 ਨਵੰਬਰ
ਪੰਜਾਬ ਐਂਡ ਸਿੰਧ ਬੈਂਕ ਨੇ ਵਿਜੀਲੈਂਸ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਨੂੰ ਸਮਰਪਿਤ ਇੱਥੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿੱਚ ਪ੍ਰ੍ਰੋਗਰਾਮ ਕਰਵਾਇਆ। ਇਸ ਦੌਰਾਨ ਸਰਕਾਰੀ ਸਮਾਰਟ ਸਕੂਲ ਫੀਲਖ਼ਾਨਾ, ਸਿਵਲ ਲਾਈਨ, ਮਾਡਲ ਟਾਊਨ ਅਤੇ ਨਿਊ ਪਾਵਰ ਹਾਊਸ ਕਲੋਨੀ ਆਦਿ ਸਕੂਲਾਂ ਦੇ ਕਰਵਾਏ ਗਏ ਭਾਸ਼ਣ ਅਤੇ ਨਾਟਕ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ, ਸਿਫ਼ਾਰਸ਼ਾਂ ਅਤੇ ਰਿਸ਼ਵਤਖੋਰੀ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ। ਬੈਂਕ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਦਾ ਸੁਨੇਹਾ ਦਿੰਦਿਆਂ ਨਾਟਕ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟ ਹੋ ਚੁੱਕੇ ਸਿਸਟਮ ਨੂੰ ਬਦਲਣ ਦਾ ਬੀੜਾ ਉਠਾਇਆ ਹੈ। ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਅਤੇ ਆਵਾਜਾਈ ਨੇਮਾਂ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਵਿਜੀਲੈਂਸ ਦੇ ਐੱਸ.ਐੱਸ.ਪੀ ਜਗਤਪ੍ਰੀਤ ਸਿੰਘ ਦਾ ਤਰਕ ਸੀ ਕਿ ਰਿਸ਼ਵਤਖੋਰੀ ਵੱਲੋਂ ਸਮਾਜ ਨੂੰ ਸਿਊਂਕ ਵਾਂਗ ਖੋਖਲਾ ਕਰਨ ਕਰਕੇ ਹੀ ਸਾਡੇ ਬੱਚੇ ਬਾਹਰਲੇ ਮੁਲਕਾਂ ਨੂੰ ਜਾ ਰਹੇ ਹਨ।