ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਵੱਛਤਾ ਰੈਂਕਿੰਗ ਵਿੱਚ ਮੋਹਰੀ ਲਿਆਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਹਿੰਮਾਂ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਨ੍ਹਾਂ ਮੁਹਿੰਮਾਂ ਦੇ ਸ਼ੁਰੂ ਹੋਣ ਦੇ ਬਾਵਜੂਦ
ਪਿੰਡ ਕਿਸ਼ਨਗੜ੍ਹ ਵਿੱਚ ਸਰਕਾਰੀ ਸਕੂਲ ਨੇੜੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜੋ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਸ ਮਾਮਲੇ ਨੂੰ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਜ਼ੋਰ-ਸ਼ੋਰ ਨਾਲ ਚੁੱਕਿਆ ਅਤੇ ਚੰਡੀਗੜ੍ਹ ਨਗਰ ਨਿਗਮ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਲੁਬਾਣਾ ਨੇ ਕਿਹਾ ਕਿ ਕਿਸ਼ਨਗੜ੍ਹ ਵਿੱਚ ਸਫਾਈ ਵਿਵਸਥਾ ਦਾ ਬਹੁਤ ਮਾੜਾ ਹਾਲ ਹੈ, ਉੱਥੋਂ ਦੇ ਲੋਕ ਨਰਕ ਭਰਿਆ ਜੀਵਨ ਜਿਉਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੰਦਗੀ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋਏ ਪਏ ਹਨ, ਪਰ ਉਨ੍ਹਾਂ ਦਾ ਹਾਲ-ਚਾਲ ਪੁੱਛਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਹਾਲ ਸ਼ਹਿਰ ਦੇ ਕਿਸੇ ਇਕ ਪਿੰਡ ਦਾ ਨਹੀਂ ਬਲਕਿ ਸਾਰੇ ਪਿੰਡਾਂ ਹੈ।
ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਵੱਛ ਸ਼ਹਿਰਾਂ ਵਿੱਚ ਸ਼ਾਮਲ ਕਰਨ ਦੇ ਦਾਅਵੇ ਉੱਦੋਂ ਹੀ ਪੂਰੇ ਹੋ ਸਕਦੇ ਹਨ, ਜੇਕਰ ਸ਼ਹਿਰ ਦੇ ਨਾਲ ਪਿੰਡਾਂ ਦੀ ਸਫ਼ਾਈ ਵੱਲ ਵੀ ਉਚਿੱਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ਦੀ ਪੋਲ ਖੋਲ੍ਹੀ ਜਾਵੇਗੀ। ਇਸ ਦੇ ਬਾਵਜੂਦ ਜੇਕਰ ਸ਼ਹਿਰ ਦੇ ਇਨ੍ਹਾਂ ਇਲਾਕਿਆਂ ਨੂੰ ਸਾਫ ਨਾ ਕੀਤਾ ਤਾਂ ਚੰਡੀਗੜ੍ਹ ਕਾਂਗਰਸ ਵੱਲੋਂ ਨਗਰ ਨਿਗਮ ਖ਼ਿਲਾਫ਼ ਸੰਘਰਸ਼ ਦੀ ਤਿਆਰੀ ਵਿੱਢੀ ਜਾਵੇਗੀ।