ਪੱਤਰ ਪ੍ਰੇਰਕ
ਅਬੋਹਰ, 4 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਦੋ ਸਾਲ ਪਹਿਲਾਂ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਅਸਲੀਅਤ ਇਸ ਦੇ ਉਲਟ ਹੈ ਅਤੇ ਅੱਜ ਵੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦਾ ਇੰਤਜ਼ਾਰ ਹੈ। ਵਿਧਾਇਕ ਸੰਦੀਪ ਜਾਖੜ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਅਬੋਹਰ ਬੱਸ ਸਟੈਂਡ ਦੇ ਮੁੜ ਨਿਰਮਾਣ ਦੇ ਬਕਾਏ ਦੇਣ ਦਾ ਮੁੱਦਾ ਵਿਧਾਨ ਸਭਾ ‘ਚ ਉਠਾਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਾਂ ‘ਤੇ ਹੀ ਰਹੀ। ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਦੇ ਬੱਸ ਸਟੈਂਡ ਦਾ ਕੰਮ 3-4 ਮਹੀਨਿਆਂ ‘ਚ ਮੁਕੰਮਲ ਕਰਾਉਣ ਦਾ ਵਾਅਦਾ ਕੀਤਾ ਸੀ ਪਰ ਫਿਰ ਵੀ ਬਕਾਏ ਜਾਰੀ ਨਾ ਹੋਣ ਕਾਰਨ ਵਿਕਾਸ ਕਾਰਜ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮਾਨ ਸਰਕਾਰ ਨੇ 6 ਮਹੀਨਿਆਂ ਵਿੱਚ ਇਸ਼ਤਿਹਾਰਾਂ ‘ਤੇ ਕਰੀਬ 500 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ ਅਤੇ ਬੱਸ ਸਟੈਂਡ ਦੇ ਬਕਾਏ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ।