ਪੱਤਰ ਪ੍ਰੇਰਕ
ਤਰਨ ਤਾਰਨ, 4 ਨਵੰਬਰ
ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਵਾਉਣ ਦੀ ਮੰਗ ਲਈ ‘ਦਿ ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਦੇ ਤੀਜੇ ਦਿਨ ਮੁਲਾਜ਼ਮਾਂ ਨੇ ਬੈਂਕ ਅੱਗੇ ਧਰਨਾ ਦਿੱਤਾ| ਧਰਨਾਕਾਰੀਆਂ ਨੂੰ ‘ਦਿ ਤਰਨ ਤਾਰਨ ਸੈਂਟਰਲ ਕੋਆਪਰੇਟਿਵ ਬੈਂਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸਕੱਤਰ ਹਰਪ੍ਰਕਾਸ਼ ਸਿੰਘ, ਜਤਿੰਦਰਜੀਤ ਸਿੰਘ, ਖਜਾਨ ਸਿੰਘ, ਹਰਪ੍ਰੀਤ ਕੌਰ ਪੰਨੂ, ਕੋਨਿਕਾ ਸੋਨੀ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ 12 ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੂੰ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਲਾਭ ਦੇ ਕੇ ਬਾਕੀ ਦੀਆਂ ਅੱਠ ਬੈਂਕਾਂ ਨੂੰ ਇਸ ਲਾਭ ਤੋਂ ਵਾਂਝਿਆਂ ਰੱਖਣ ਲਈ ਸਰਕਾਰ ਦੇ ਪੱਖਪਾਤੀ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ| ਆਗੂਆਂ ਨੇ ਸਰਕਾਰ ਨੂੰ ਉਨ੍ਹਾਂ ਨਾਲ ਕੀਤੇ ਵਿਤਕਰੇ ਨੂੰ ਬਿਨਾਂ ਦੇਰੀ ਦੇ ਦੂਰ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਇਜ਼ ਮੰਗਾਂ ਨਾ ਮੰਨੇ ਜਾਣ ‘ਤੇ 14 ਨਵੰਬਰ ਤੋਂ ਸੰਘਰਸ਼ ਸੂਬਾ ਪੱਧਰ ‘ਤੇ ਕੀਤਾ ਜਾਵੇਗਾ।