ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਜੂਨ
ਇੱਥੋਂ ਦੀ ਟਿੱਬੀ ਕਲੋਨੀ ਦੇ ਇੱਕ ਮਜ਼ਦੂਰ ਪਰਿਵਾਰ ਦੀ ਪੁਲੀਸ ਪ੍ਰਸਾਸ਼ਨ ਵੱਲੋਂ ਕੀਤੀ ਗਈ ਜ਼ਬਰੀ ਗ੍ਰਿਫ਼ਤਾਰੀ ਖ਼ਿਲਾਫ਼ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਵਿੱਢਿਆ ਸੰਘਰਸ਼ ਅੱਜ ਅੱਠਵੇਂ ਦਨਿ ਵੀ ਜਾਰੀ ਰਿਹਾ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਜਾਰੀ ਰੋਸ ਧਰਨੇ ਦੇ ਬਾਵਜੂਦ ਕੋਈ ਹੱਲ ਨਿਕਲਦਾ ਨਾ ਦੇਖ ਜਥੇਬੰਦੀ ਨੇ 14 ਜੂਨ ਨੂੰ ਸੜਕ ‘ਤੇ ਧਰਨਾ ਲਗਾ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਇਹ ਮਜ਼ਦੂਰ ਜਥੇਬੰਦੀ ਦੀ ਸੂਬਾਈ ਮੀਟਿੰਗ ਦੌਰਾਨ ਐਕਸ਼ਨ ਕਮੇਟੀ ਮੈਂਬਰ ਸੱਤਪਾਲ ਸਿੰਘ ਦੀ ਅਗਵਾਈ ਹੇਠ ਲਿਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਅਤੇ ਜ਼ਿਲ੍ਹਾ ਸਕੱਤਰ ਮਨਜੀਤ ਕੌਰ ਆਲੋਅਰਖ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੁਣਵਾਈ ਨਾ ਕਰਨ ‘ਤੇ ਉਨ੍ਹਾਂ ਨੂੰ ਇਹ ਫ਼ੈਸਲਾ ਲੈਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਵੱਲੋਂ ਵੀ ਪੁਲੀਸ ਦਾ ਪੱਖ ਪੂਰਿਆ ਜਾ ਰਿਹਾ ਹੈ ਅਤੇ ਮਜ਼ਦੂਰ ਪਰਿਵਾਰ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਂਦੇ ਦਿਨਾਂ ਵਿੱਚ ਇਸ ਮਸਲੇ ਸਬੰਧੀ ਪ੍ਰਸਾਸ਼ਨ ਨੇ ਕੋਈ ਠੋਸ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਕੁਲਵੰਤ ਛਾਜਲੀ, ਧਰਮਪਾਲ ਸਿੰਘ ਸੁਨਾਮ, ਸੋਨੀ ਸਿੰਘ, ਬਾਬਾ ਘੁਮੰਡ ਸਿੰਘ ਉਗਰਾਹਾਂ, ਹਰਪਾਲ ਕੌਰ, ਕੁਲਦੀਪ ਸਿੰਘ, ਜਸਵਿੰਦਰ ਕੌਰ, ਵੀਰਪਾਲ ਕੌਰ ਅਤੇ ਬੁੱਧ ਸਿੰਘ ਹਾਜ਼ਰ ਸਨ।
ਨਮੋਲ ਅਤੇ ਬਿਗੜਵਾਲ ਦੇ ਦਲਿਤਾਂ ਨਾਲ ਵਧੀਕੀਆਂ ਖ਼ਿਲਾਫ਼ ਰੋਸ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਆਉਂਦੀ 14 ਜੂਨ ਨੂੰ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਅੱਗੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਪਿੰਡ ਨਮੋਲ ਦੇ ਖੇਤ ਮਜ਼ਦੂਰਾਂ ਤੇ ਹੋਏ ਹਮਲੇ ਅਤੇ ਜਾਤੀ ਸੂਚਕ ਸ਼ਬਦ ਬੋਲਣ ਵਾਲਿਆਂ ਖ਼ਿਲਾਫ਼ ਬਿਆਨ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਨਾ ਹੋਣ ਅਤੇ ਪਿੰਡ ਬਿਗੜਵਾਲ ਵਿੱਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ‘ਚ ਦਖਲਅੰਦਾਜ਼ੀ ਬੰਦ ਕਰਵਾਉਣ ਲਈ ਦਿੱਤਾ ਜਾਵੇਗਾ। ਇਸ ਦੀ ਤਿਆਰੀ ਵਜੋਂ ਜਥੇਬੰਦੀ ਨੇ ਅੱਜ ਪਿੰਡ ਨਮੋਲ ਵਿੱਚ ਰੋਸ ਰੈਲੀ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਸੂਬਾ ਸਕੱਤਰ ਧਰਮਪਾਲ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਵਿੱਚ ਉੱਚ ਜਾਤੀ ਦੇ ਲੋਕਾਂ ਨੇ ਗਰੀਬ ਪਰਿਵਾਰਾਂ ਦੀ ਰੂੜੀਆਂ ਵਾਲੀ ਥਾਂ ਰੋਕਣ ਦੇ ਮਕਸਦ ਨਾਲ ਦਲਿਤ ਪਰਿਵਾਰਾਂ ਨੂੰ ਜਿੱਥੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਉਥੇ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਵੀ ਬੋਲੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਵੇਂ ਪੁਲੀਸ ਨੇ ਪਰਚਾ ਦਰਜ ਕਰ ਲਿਆ ਪਰ ਹਾਲੇ ਤੱਕ ਲੋੜੀਂਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਆਗੂ ਬਲਜੀਤ ਸਿੰਘ ਅਤੇ ਸੂਬਾ ਆਗੂ ਬਿਮਲ ਕੌਰ ਨੇ ਮੰਗ ਕੀਤੀ ਕਿ ਪਿੰਡ ਨਮੋਲ ਵਿੱਚ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਜਿੱਥੇ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ, ਉਥੇ ਪਿੰਡ ਬਿਗੜਵਾਲ ਦੇ ਦਲਿਤ ਭਾਈਚਾਰੇ ਦੀ ਤੀਜੇ ਹਿੱਸੇ ਦੀ ਜ਼ਮੀਨ ਵਿੱਚ ਦਖਲਅੰਦਾਜ਼ੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।