ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸੱਦੇ ‘ਤੇ ਅੱਜ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਗਵੰਤ ਮਾਨ ਸਰਕਾਰ ਤੋਂ ਗਰੀਬ ਜਨਤਾ ਦੇ ਰੱਦ ਕੀਤੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਮੁਜ਼ਾਹਰਿਆਂ ਦੌਰਾਨ ਭਾਰੀ ਗਿਣਤੀ ਵਿੱਚ ਉਹ ਲੋਕ ਵੀ ਸ਼ਾਮਲ ਹੋਏ, ਜਿਨ੍ਹਾਂ ਦੇ ਨੀਲੇ ਕਾਰਡ ਰੱਦ ਕੀਤੇ ਗਏ ਹਨ। ਵਿਧਾਨ ਸਭਾ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੈ ਤਲਵਾੜ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਸੰਜੈ ਤਲਵਾੜ ਨੇ ਮੰਗ ਕੀਤੀ ਕਿ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮਿਲੀਭੁਗਤ ਨਾਲ ਹਜ਼ਾਰਾਂ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕੀਤੇ ਗਏ ਹਨ, ਜਿਸ ਕਾਰਨ ਉਹ ਸਸਤਾ ਰਾਸ਼ਨ ਲੈਣ ਤੋਂ ਅਸਮਰਥ ਹਨ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹਲਕਾ ਪੱਛਮੀ ਵਿੱਚ ਕੌਂਸਲਰ ਮਮਤਾ ਆਸ਼ੂ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹੈਬੋਵਾਲ ਚੌਕ ਵਿੱਚ ਕੀਤੇ ਗਏ ਮੁਜ਼ਾਹਰੇ ਦੌਰਾਨ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ ਅਤੇ ਕੌਂਸਲਰ ਮਹਾਰਾਜ ਸਿੰਘ ਰਾਜੀ ਸਮੇਤ ਕਈ ਆਗੂ ਹਾਜ਼ਰ ਸਨ। ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਕਾਂਗਰਸ ਸੇਵਾ ਦਲ ਦੇ ਆਗੂ ਨਿਰਮਲ ਕੈੜਾ, ਰੁਪਿੰਦਰ ਸਿੰਘ ਸ਼ੀਲਾ ਅਤੇ ਜਸਵਿੰਦਰ ਸਿੰਘ ਠੁਕਰਾਲ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ। ਈਸ਼ਵਰਜੋਤ ਚੀਮਾ ਨੇ ਕਿਹਾ ਕਿ ਸਿਆਸੀ ਬਦਲਾਖ਼ੋਰੀ ਤਹਿਤ ਨੀਲੇ ਕਾਰਡ ਰੱਦ ਕਰਾਉਣ ਵਾਲੇ ਆਪ ਆਗੂਆਂ ਨੂੰ ਗਰੀਬ ਲੋਕ ਆ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਸਬਕ ਸਿਖਾਉਣਗੇ। ਹਲਕਾ ਕੇਂਦਰੀ ਦੇ ਇੰਚਾਰਜ ਸਾਬਕਾ ਵਿਧਾਇਕ ਸੁਰਿੰਦਰ ਡਾਬਰ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ ਕਈ ਆਗੂ ਹਾਜ਼ਰ ਸਨ। ਹਲਕਾ ਆਤਮ ਨਗਰ ਅਤੇ ਹਲਕਾ ਉੱਤਰੀ ਵਿੱਚ ਵੀ ਰੋਸ ਮੁਜ਼ਾਹਰੇ ਕਰਕੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ ਗਈ।