ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਨਵੰਬਰ
ਸੂਬੇ ਵਿੱਚ ਕਣਕ ਅਤੇ ਆਲੂਆਂ ਦੀ ਬਿਜਾਈ ਦਾ ਕੰਮ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ, ਪਰ ਕਿਸਾਨਾਂ ਨੂੰ ਖਾਦ ਲੈਣ ਲਈ ਵੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਕਿਲ੍ਹਾ ਰਾਏਪੁਰ ਰੇਲਵੇ ਸਟੇਸ਼ਨ ‘ਤੇ ਖਾਦ ਦਾ ਰੈਕ ਪੁੱਜਿਆ ਤਾਂ ਸਹਿਕਾਰੀ ਸਭਾਵਾਂ ਦੇ ਕੋਟੇ ਨੂੰ ਕੱਟ ਲਾ ਕੇ ਪ੍ਰਾਈਵੇਟ ਡੀਲਰਾਂ ਨੂੰ ਖਾਦ ਦਿੱਤੀ ਜਾਣ ਦੀ ਖ਼ਬਰ ਮਿਲਦਿਆਂ ਅੱਕੇ ਹੋਏ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੇ ਕਿਲ੍ਹਾ ਰਾਏਪੁਰ ਦੇ ਸਟੇਸ਼ਨ ਉੱਪਰ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਅਮਰੀਕ ਸਿੰਘ ਜੜਤੌਲੀ, ਹਰਨੇਕ ਸਿੰਘ ਗੁੱਜਰਵਾਲ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਖਾਦ ਦੀ ਨਕਲੀ ਥੁੜ੍ਹ ਪੈਦਾ ਕਰ ਕੇ ਬਾਜ਼ਾਰ ਵਿੱਚ ਖਾਦ ਦੀ ਬਲੈਕ ਦਾ ਧੰਦਾ ਜ਼ੋਰਾਂ ‘ਤੇ ਚੱਲਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਹਿਕਾਰੀ ਸਭਾਵਾਂ ਨੂੰ ਖਾਦ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਕਿਸਾਨ ਆਪਣੀਆਂ ਲੋੜਾਂ ਪੂਰੀਆਂ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਦੁਕਾਨਾਂ ਵਾਲੇ ਡੀਲਰ ਨਕਲੀ ਖਾਦ, ਬੀਜ ਅਤੇ ਦਵਾਈਆਂ ਵੇਚ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਿਛਲੇ ਸਮੇਂ ਵਿੱਚ ਜਿਹੜੇ ਡੀਲਰਾਂ ਦੇ ਨਮੂਨੇ ਫ਼ੇਲ੍ਹ ਹੋਏ ਸਨ, ਖੇਤੀਬਾੜੀ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇ ਮੰਗਾਂ ਵੱਲ ਤਵੱਜੋ ਨਾ ਦਿੱਤੀ ਗਈ ਤਾਂ ਕਿਸਾਨ ਸੰਘਰਸ਼ ਲਈ ਮਜਬੂਰ ਹੋਣਗੇ। ਮੌਕੇ ‘ਤੇ ਮੌਜੂਦ ਮਾਰਕਫੈੱਡ ਅਧਿਕਾਰੀ ਚਰਨਵੀਰ ਕੌਰ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਸਭਾਵਾਂ ਨੂੰ ਸਪਲਾਈ ਦੇਣ ਦਾ ਭਰੋਸਾ ਦਿਵਾਇਆ। ਕਿਸਾਨ ਆਗੂ ਗੁਲਜ਼ਾਰ ਸਿੰਘ ਜੜਤੌਲੀ, ਨੰਬਰਦਾਰ ਨਿਰਭੈ ਸਿੰਘ ਮੌਜੂਦ ਸਨ।