ਸੰਜੀਵ ਬੱਬੀ
ਚਮਕੌਰ ਸਾਹਿਬ, 23 ਜੂਨ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਸਬਾ ਬੇਲਾ ਵਿੱਚ ਬੇਲਾ ਤੋਂ ਬਹਿਰਾਮਪੁਰ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੰਤਰੀ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਕਸਬਾ ਬੇਲਾ ਤੋਂ ਬਹਿਰਾਮਪੁਰ ਬੇਟ ਸੜਕ (ਓ.ਡੀ.ਆਰ-07) ਨੂੰ ਚੌੜਾ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 15 ਮਹੀਨਿਆਂ ਵਿੱਚ ਇਮਾਨਦਾਰੀ ਦੇ ਨਾਲ ਜਿੰਨਾ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਹੈ ਉਨ੍ਹਾਂ ਕੰਮ ਅੱਜ ਤੱਕ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਅਣਥੱਕ ਉਪਰਾਲੇ ਲਗਾਤਾਰ ਜਾਰੀ ਹਨ। ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਲਾਕਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਬੇਲਾ-ਬਹਿਰਾਮਪੁਰ ਬੇਟ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 8 ਕਿਲੋਮੀਟਰ ਲੰਮੀ ਹੈ ਇਸ ਸੜਕ ਨੂੰ 18 ਤੋਂ ਵਧਾ ਕੇ 23 ਫੁੱਟ ਚੌੜੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੇ ਮਹੀਨੇ ਦੇ ਕਰੀਬ ਸਮੇਂ ਵਿਚ ਪੂਰਾ ਕਰ ਲਿਆ ਜਾਵੇਗਾ।
ਮੰਤਰੀ ਵੱਲੋਂ ਪਾਵਰਕੌਮ ਰੂਪਨਗਰ ਦਫ਼ਤਰ ਦੀ ਚੈਕਿੰਗ
ਰੂਪਨਗਰ (ਜਗਮੋਹਨ ਸਿੰਘ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਾਵਰਕੌਮ ਦੇ ਰੂਪਨਗਰ ਵਿੱਚ ਸਥਿਤ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਬਿਜਲੀ ਸਪਲਾਈ ਦੀ ਸਮੱਸਿਆ ਸਬੰਧੀ ਐਕਸੀਅਨ ਕੋਲ ਸ਼ਿਕਾਇਤ ਲੈ ਕੇ ਪੁੱਜੇ ਰਾਜਦੀਪ ਨਗਰ ਮੁਹੱਲੇ ਵਾਸੀਆਂ ਦੀ ਸ਼ਿਕਾਇਤ ਵੀ ਸੁਣੀ। ਲੋਕਾਂ ਨੇ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੀ ਬਿਜਲੀ ਸਪਲਾਈ ‘ਚ ਵਾਰ ਵਾਰ ਕੱਟ ਲੱਗ ਰਹੇ ਹਨ ਤੇ ਵੋਲਟੇਜ ਦੀ ਵੀ ਸਮੱਸਿਆ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਮੱਸਿਆ ਦੇ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਉਨ੍ਹਾਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਵਿੱਚ ਵਿਧਾਇਕ ਦਿਨੇਸ਼ ਚੱਢਾ ਨਾਲ ਸੜਕਾਂ ਦੀ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਚੱਢਾ ਨੇ ਭੂਰੀ ਵਾਲੇ ਮੰਦਿਰ ਦੇ ਰਸਤੇ ਨੂੰ ਸਾਉਣ ਮਹੀਨੇ ਤੋਂ ਪਹਿਲਾਂ ਠੀਕ ਕਰਨ ਦਾ ਮਾਮਲਾ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਰਸਤਾ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਹਲਕੇ ਦੀਆਂ ਹੋਰ ਵੀ ਸੜਕਾਂ ਨੂੰ ਜਲਦੀ ਠੀਕ ਕਰਵਾ ਦਿੱਤਾ ਜਾਵੇਗਾ।