ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਤੋਂ ਉਪਜੇ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਉਨ੍ਹਾਂ ਨੂੰ ਆਪਣੀ ਬਿਮਾਰ ਪਤਨੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਦਿਨ ਲਈ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਸ ਆਧਾਰ ‘ਤੇ ਛੇ ਹਫ਼ਤਿਆਂ ਲਈ ਰਿਹਾਈ ਦੀ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਬਿਮਾਰ ਪਤਨੀ ਦੀ ਦੇਖਭਾਲ ਕਰਨ ਵਾਲਾ ਹੋਰ ਕੋਈ ਨਹੀਂ ਹੈ। ਇਸ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਉਨ੍ਹਾਂ ਦੀ ਪਟੀਸ਼ਨ ਹਾਈ ਕੋਰਟ ਵਿੱਚ ਵਿਚਾਰਅਧੀਨ ਹੈ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ 9 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮੌਕੇ ਉਹ ਈਡੀ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਨਿਆਂਇਕ ਹਿਰਾਸਤ ‘ਚ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਬੂਤਾਂ ਨਾਲ ਛੇੜਛਾੜ ਦੀ ਸੰਭਾਵਨਾ ਦੇ ਆਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਈਡੀ ਦੇ ਵਕੀਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਿਸੋਦੀਆ ਦੀ ਪਤਨੀ ਪਿਛਲੇ 20 ਸਾਲਾਂ ਤੋਂ ਬਿਮਾਰ ਹੈ। ਦਿੱਲੀ ਸਰਕਾਰ ਨੇ 17 ਨਵੰਬਰ, 2021 ਨੂੰ ਨੀਤੀ ਨੂੰ ਲਾਗੂ ਕੀਤਾ ਸੀ ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਤੰਬਰ 2022 ਦੇ ਅੰਤ ਵਿੱਚ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। 30 ਮਈ ਨੂੰ ਅਦਾਲਤ ਨੇ ਸੀਬੀਆਈ ਵੱਲੋਂ ਜਾਂਚ ਕਰ ਰਹੇ ਆਬਕਾਰੀ ਨੀਤੀ ਘੁਟਾਲੇ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਇਹ ਕਹਿੰਦਿਆਂ ਖਾਰਜ ਕਰ ਦਿੱਤਾ ਸੀ ਕਿ ਉਹ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ ਬਹੁਤ ਗੰਭੀਰ ਹਨ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd