ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਜੂਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਸ਼ੁਰੂ ਕੀਤੀ ਪੰਜਾਬ ਵਿਆਪੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉੱਭਾਵਾਲ ਵਿੱਚ ਅੱਜ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੀਬ 1 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ 4 ਮੋਘਿਆਂ ਲਈ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਕਾਰਜਾਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਹਲਕਾ ਸੁਨਾਮ ਦੇ 47 ਪਿੰਡਾਂ ਵਿੱਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪ੍ਰਾਜੈਕਟ ਪਿਛਲੇ ਦਨਿੀਂ ਆਰੰਭਿਆ ਗਿਆ ਹੈ, ਜਿਸ ਤਹਿਤ ਜ਼ਮੀਨਦੋਜ਼ ਪਾਈਪਲਾਈਨ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਲਈ 68 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਦੇ ਪਹਿਲੇ ਪੜਾਅ ਤਹਿਤ ਕੰਮ ਚੱਲ ਰਿਹਾ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਸਰਕਾਰ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ। ਇਸ ਮੌਕੇ ਅਵਤਾਰ ਸਿੰਘ ਚਹਿਲ, ਰਣਬੀਰ ਸਿੰਘ ਜੌਹਲ, ਮੋਤਾ ਸਿੰਘ ਢੀਂਡਸਾ, ਜਗਜੀਵਨ ਸਿੰਘ ਢੀਂਡਸਾ ਆਦਿ ਹਾਜ਼ਰ ਸਨ।