ਜੋਗਿੰਦਰ ਸਿੰਘ ਮਾਨ
ਮਾਨਸਾ, 4 ਨਵੰਬਰ
ਦਿ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਮਾਨਸਾ ਵੱਲੋਂ ਨਹਿਰੀ ਕੋਠੀ ਜਵਾਹਰਕੇ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਵੱਲੋਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਜੋ ਜਲ ਸਰੋਤ ਵਿਭਾਗ ਵਿੱਚ ਦਰਜਾ ਚਾਰ ਦੀ ਹਾਜ਼ਰੀ ਐੱਮ-ਸੇਵਾ ਐਪ ਤੇ ਆਨਲਾਈਨ ਲਾਉਣ ਦਾ ਫੁਰਮਾਨ ਜਾਰੀ ਕੀਤਾ ਹੈ, ਇਹ ਕੱਢਿਆ ਪੱਤਰ ਰੱਦ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਰੰਗਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਨਿੱਤ ਦਿਨ ਫੁਰਮਾਨ ਜਾਰੀ ਕਰ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਵਰਦੀਆਂ ਤੁਰੰਤ ਦਿੱਤੀਆਂ ਜਾਣ, ਖਾਲੀ ਪੋਸਟਾਂ ਤੁਰੰਤ ਭਰੀਆਂ ਜਾਣ, ਪ੍ਰਮੋਸ਼ਨ ਚੈਨਲ ਲਾਗੂ ਕੀਤਾ ਜਾਵੇ, ਮੁਲਾਜ਼ਮਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਲਦੀ ਜਾਰੀ ਕੀਤਾ ਜਾਵੇ, ਕੱਟੇ ਹੋਏ ਭੱਤੇ ਬਹਾਲ ਕੀਤੇ ਜਾਣ,ਕੱਚੇ ਕਾਮੇ ਪੱਕੇ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲ ਸਰੋਤ ਵਿਭਾਗ ਵਿੱਚ ਦਰਜਾ ਚਾਰ ਦੀ ਹਾਜਰੀ ਐੱਮ-ਸੇਵਾ ਐਪ ਤੇ ਆਨਲਾਈਨ ਲਾਉਣ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਦਰਜਾ ਚਾਰ ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਫਰੀਦਕੋਟ (ਜਸਵੰਤ ਜੱਸ): ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਸੱਦੇ ‘ਤੇ ਫਰੀਦਕੋਟ ਜ਼ਿਲ੍ਹੇ ਦੇ ਦਰਜਾ ਚਾਰ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ‘ਤੇ ਬੈਠੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ, ਹਰਵਿੰਦਰ ਸ਼ਰਮਾ ਅਤੇ ਰਮੇਸ਼ ਢੈਪਈ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕੀਤਾ ਜਾਵੇ, ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਤਨਖਾਹਾਂ ਵਿੱਚ ਵਾਧਾ ਕਰੇ, ਡੀਏ ਸਬੰਧੀ 21 ਅਕਤੂਬਰ 2022 ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਸੋਧ ਕਰਕੇ ਡੀਏ ਦੇਣ ਦੀ ਤਰੀਕ ਦਾ ਜ਼ਿਕਰ ਕੀਤਾ ਜਾਵੇ, ਕੇਂਦਰੀ ਪੈਟਰਨ ਅਨੁਸਾਰ 38 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇ, ਆਊਟਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।