ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 5 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਇਥੋਂ ਦੀ ਅਨਾਜ ਮੰਡੀ ਸਾਹਮਣੇ ਅਤੇ ਹੋਰ ਕਈ ਥਾਵਾਂ ‘ਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਮੇਟੀ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਦੇ ਹੋਏ ਦਿੱਲੀ-ਅੰਮ੍ਰਿਤਸਰ ਜੀਟੀ ਰੋਡ ਉੱਪਰ ਦਾਣਾ ਮੰਡੀ ਜੰਡਿਆਲਾ ਗੁਰੂ ਦੇ ਸਾਹਮਣੇ, ਅੱਡਾ ਟਾਹਲੀ ਸਾਹਿਬ, ਟੌਲ ਪਲਾਜ਼ਾ ਸਮੇਤ 24 ਥਾਵਾਂ ‘ਤੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਦਿੱਲੀ ਮੋਰਚੇ ਦੌਰਾਨ 700 ਤੋਂ ਵੱਧ ਕਿਸਾਨਾਂ ਮਜਦੂਰਾਂ ਨੇ ਸ਼ਹੀਦੀਆਂ ਦੇ ਕੇ ਕਾਲੇ ਕਨੂੰਨ ਵਾਪਸ ਕਰਵਾਏ ਸਨ ਅਤੇ ਇਨ੍ਹਾਂ ਮੌਤਾਂ ‘ਤੇ ਪ੍ਰਧਾਨ ਮੰਤਰੀ ਨੇ ਅੱਜ ਤੱਕ ਹਮਦਰਦੀ ਦੋ ਬੋਲ ਨਹੀਂ ਬੋਲੇ ਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਈ ਮੰਗਾਂ ਦਾ ਜ਼ਿਕਰ ਕੀਤਾ। ਇਸ ਮੌਕੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਕੰਵਰਦਲੀਪ, ਚਰਨਜੀਤ ਸਿੰਘ, ਪ੍ਰਗਟ ਸਿੰਘ, ਅਮਨਿੰਦਰ ਸਿੰਘ, ਬਲਵਿੰਦਰ ਸਿੰਘ, ਮੰਗਵਿੰਦਰ ਸਿੰਘ, ਕੰਵਲਜੀਤ ਯੋਧਾਨਗਰੀ, ਕੰਵਲਜੀਤ ਸਿੰਘ, ਰਵਿੰਦਰ ਸਿੰਘ, ਰੇਸ਼ਮ ਸਿੰਘ, ਸਤਨਾਮ ਸਿੰਘ, ਹਰਮੀਤ ਸਿੰਘ, ਸੂਬੇਦਾਰ ਨਿਰੰਜਨ ਸਿੰਘ ਤੇ ਮੁਖਬੈਨ ਸਿੰਘ ਤੋਂ ਇਲਾਵਾ ਸੈਕੜੇ ਕਿਸਾਨ-ਮਜ਼ਦੂਰ ਹਾਜ਼ਰ ਰਹੇ।