ਜੋਗਿੰਦਰ ਸਿੰਘ ਮਾਨ
ਮਾਨਸਾ, 22 ਜੁਲਾਈ
ਇਸ ਸ਼ਹਿਰ ਵਿੱਚ ਅੱਜ ਦੇਰ ਸ਼ਾਮ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਕੁਮਾਰ (32) ਪੁੱਤਰ ਲਛਮਣ ਦਾਸ ਵਾਰਡ ਨੰਬਰ 9 ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਉਹ ਨਸ਼ੇ ਕਰਨ ਦਾ ਆਦੀ ਸੀ ਅਤੇ ਇਸ ਤੋਂ ਪਹਿਲਾਂ ਵੀ ਉਸ ਦੇ ਭਰਾ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਹੁਣ ਪਰਿਵਾਰ ਵਿਚ ਪਿੱਛੇ ਬਿਰਧ ਮਾਤਾ ਅਤੇ ਇੱਕ ਭੈਣ ਰਹਿ ਗਈ ਹੈ। ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਭਲਕੇ 23 ਜੁਲਾਈ ਨੂੰ ਮਾਨਸਾ ਦੇ ਬਾਲ ਭਵਨ ਵਿੱਚ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਕੁਲਦੀਪ ਕੁਮਾਰ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਦਸ ਲੱਖ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ।