ਬਟਾਲਾ (ਨਿੱਜੀ ਪੱਤਰ ਪ੍ਰੇਰਕ): ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਦੇ ਕਨਵੀਨਰ ਪ੍ਰੋ. ਹਰਨੇਕ ਸਿੰਘ ਨੇ ਅੱਜ ਇੱਥੋਂ ਦੀਆਂ ਵੱਖ ਵੱਖ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਹਾਕਿਆਂ ਤੋਂ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ। ਉਨ੍ਹਾਂ ਦੱਸਿਆ ਕਿ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵੱਲੋਂ ਇਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂਕਿ ਇਹ ਮਾਮਲਾ 2016 ਤੋਂ ਉਠਾਇਆ ਜਾ ਰਿਹਾ ਹੈ। ਉਨ੍ਹਾਂ ਸਰਹੱਦੀ ਜ਼ਿਲ੍ਹੇ ਦੇ ਐਸਸੀ/ਬੀਸੀ ਵਰਗ ਦੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਨੂੰ ਸਫ਼ਲ ਬਣਾਉਣ ਲਈ ਭਰਪੂਰ ਯੋਗਦਾਨ ਪਾਉਣ। ਮੋਰਚੇ ਦੇ ਮੈਂਬਰਾਂ ਨੇ ਐਸਸੀ/ਬੀਸੀ ਭਾਈਚਾਰੇ ਦੇ ਅਧਿਕਾਰੀਆਂ ਸੇਵਾਮੁਕਤ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਬਣਦਾ ਸਹਿਯੋਗ ਦੇਣ।