ਪੱਤਰ ਪ੍ਰੇਰਕ
ਫਗਵਾੜਾ, 29 ਜੂਨ
ਇਥੇ ਚੰਡੀਗੜ੍ਹ ਬਾਈਪਾਸ ‘ਤੇ ਭੁੱਲਾਰਾਈ ਕੱਟ ਲਾਗੇਂ ਇੱਕ ਕਾਰ ਤੇ ਮੋਟਰਸਾਈਕਲ ਦੀ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆ ਐਸ.ਐਚ.ਓ ਸਦਰ ਸੁਰਜੀਤ ਸਿੰਘ ਨੇ ਦੱਸਿਆ ਕਿ ਇੱਕ ਕਰੇਟਾ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ‘ਤੇ ਸਵਾਰ ਦੋਨੋਂ ਨੌਜਵਾਨ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਕਰਾਰ ਦਿੱਤਾ ਤੇ ਦੂਸਰੇ ਦੀ ਗੰਭੀਰ ਹਾਲਤ ਨੂੰ ਦੇਖਦਿਆ ਜਲੰਧਰ ਰੈੱਫ਼ਰ ਕਰ ਦਿੱਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਦੀਪ ਕੁਮਾਰ ਵਾਸੀ ਫ਼ਿਲੌਰ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆ ਰੈੱਫ਼ਰ ਕੀਤਾ ਗਿਆ ਹੈ। ਐਸ.ਐਚ.ਓ ਨੇ ਦੱਸਿਆ ਕਿ ਪੁਲੀਸ ਵਲੋਂ ਕਾਰ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।