ਸਤਵਿੰਦਰ ਬਸਰਾ
ਲੁਧਿਆਣਾ, 4 ਨਵੰਬਰ
ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪਟਿਆਲਾ ਵੱਲੋਂ 1 ਨਵੰਬਰ ਤੋਂ 30 ਨਵੰਬਰ ਤੱਕ ਪੂਰੇ ਪੰਜਾਬ ਵਿੱਚ ਪੰਜਾਬੀ ਸਪਤਾਹ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਲੁਧਿਆਣਾ ਦੇ ਗਿੱਲ ਰੋਡ ਥਾਣਾ ਸ਼ਿਮਲਾਪੁਰੀ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਦੇ ਲੇਖਕ ਜਗਤਾਰ ਸਿੰਘ ਹਿੱਸੋਵਾਲ ਦੀ ਕਾਵਿ ਪੁਸਤਕ ‘ਨਾਬਰੀ ਦਾ ਗੀਤ’ ਰਿਲੀਜ਼ ਕੀਤੀ ਗਈ। ਲੇਖਕ ਸਰਬਜੀਤ ਸਿੰਘ ਵਿਰਦੀ ਨੇ ਮੰਚ ਦਾ ਸੰਚਾਲਨ ਕੀਤਾ। ਸਮਾਗਮ ਦੇ ਮੁੱਖ ਮਹਿਮਾਨ ਅਤੇ ਏਸੀਪੀ ਇੰਡ. ਏਰੀਆ-ਬੀ ਸੰਦੀਪ ਵਡੇਰਾ ਨੇ ਕਿਹਾ ਕਿ ਅੱਜ ਅਸੀਂ ਆਪਣੀ ਮਾਂ ਬੋਲੀ ਅਤੇ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਾਂ। ਇੰਸਪੈਕਟਰ ਮਧੂ ਬਾਲਾ ਥਾਣਾ ਦੁੱਗਰੀ ਅਤੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਐੱਸਐੱਚਓ ਥਾਣਾ ਡਿਵੀਜ਼ਨ ਨੰਬਰ 6 ਨੇ ਕਿਹਾ ਕਿ ਜਗਤਾਰ ਸਿੰਘ ਵਧਾਈ ਦੇ ਪਾਤਰ ਹਨ। ਸ਼੍ਰੋਮਣੀ ਬਾਲ ਲੇਖਕ ਅਮਰੀਕ ਸਿੰਘ ਤਲਵੰਡੀ ਨੇ ਕਿਹਾ ਕਿ ਸਾਨੂੰ ਆਪਣੇ ਘਰ ਵਿੱਚ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਪੰਜਾਬੀ ਬੋਲਣੀ ਚਾਹੀਦੀ ਹੈ। ਗੀਤਕਾਰ ਸਾਧੂ ਸਿੰਘ ਦਿਲਸ਼ਾਦ ਅਤੇ ਅਮਰਜੀਤ ਸ਼ੇਰਪੁਰੀ ਨੇ ਰਚਨਾਵਾਂ ਰਾਹੀਂ ਮਾਂ ਬੋਲੀ ਨਾਲ ਜੁੜਨ ਦਾ ਸੁਨੇਹਾ ਦਿੱਤਾ।