ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ, 8 ਜੂਨ
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੰਗਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ‘ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ ਬਜ਼ੁਰਗਾਂ ਨੂੰ ਸੜਕਾਂ ‘ਤੇ ਰੋਲਣ ਦਾ ਦੋਸ਼ ਲਾਇਆ।
ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਅਰਜਨ ਸਿੰਘ, ਆਗੂ ਸੁਰਿੰਦਰ ਬਾਲੀਆਂ ਅਤੇ ਸੇਵਾਮੁਕਤ ਡੀਐੱਸਪੀ ਅਜਮੇਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਗਦੀਸ਼ ਸ਼ਰਮਾ, ਭਰਥਰੀ ਸਿੰਘ, ਬਿੱਕਰ ਸਿੰਘ ਸਿਬੀਆਂ ਅਤੇ ਸੀਤਾ ਰਾਮ ਸ਼ਰਮਾ ਨੇ ਕਿਹਾ ਕਿ ਕੈਬਨਿਟ ਮੰਤਰੀਆਂ ਦੀ ਤਿੰਨ ਮੈਂਬਰੀ ਸਬ ਕਮੇਟੀ ਨਾਲ ਪੈਨਸ਼ਨਰਾਂ ਦੀਆਂ ਮੰਗਾਂ 1-1-2016 ਤੋਂ 30-6-2021 ਤੱਕ ਦੇ ਬਣਦੇ ਬਕਾਏ ਦੇਣ ਅਤੇ ਡੀਏ ਦੀਆਂ ਕਿਸ਼ਤਾਂ ਦੇਣ ਬਾਰੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਪਿਛਲੇ ਸੱਤ ਸਾਲਾਂ ਤੋਂ ਬਕਾਏ ਦੇਣ ਬਾਰੇ ਟਾਲ-ਮਟੋਲ ਦੀ ਨੀਤੀ ਅਪਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਰਵੱਈਏ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ 14 ਜੂਨ ਨੂੰ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੈਨਸ਼ਨਰਾਂ ਵਲੋਂ ਰੋਸ ਰੈਲ ਕੀਤੀ ਜਾਵੇਗੀ ਅਤੇ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਸੌਂਪੇ ਜਾਣਗੇ। ਸੇਵਾਮੁਕਤ ਡਿਪਟੀ ਕੰਟਰੋਲਰ ਵਿੱਤ ਪੰਜਾਬ ਰਮੇਸ਼ ਮਿੱਤਲ ਨੇ ਸਰਕਾਰੀ ਹਦਾਇਤਾਂ/ਨਿਯਮਾਂ ਅਤੇ ਕੋਰਟ ਕੇਸਾਂ ਬਾਰੇ ਜਾਣੂ ਕਰਵਾਇਆ।
ਪਾਵਰਕੌਮ ਦੇ ਰਵੱਈਏ ਦੀ ਨਿਖੇਧੀ
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਪੀਐੱਸਪੀਸੀਐੱਲ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਦੀ ਜਨਰਲ ਮੀਟਿੰਗ ਮੰਡਲ ਪ੍ਰਧਾਨ ਜਰਨੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਆਗੂ ਅਤੇ ਸਰਕਲ ਕਮੇਟੀ ਬਰਨਾਲਾ ਦੇ ਸਕੱਤਰ ਸਿੰਦਰ ਸਿੰਘ ਧੌਲਾ ਅਤੇ ਸਰਕਲ ਕਮੇਟੀ ਦੇ ਪ੍ਰਧਾਨ ਪਿਆਰਾ ਲਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਕਾਂ ਦੇ ਪੈਨਸ਼ਨਰਾਂ ਦੇ ਮਸਲਿਆਂ ਪ੍ਰਤੀ ਧਾਰੇ ਰਵੱਈਏ ਦੀ ਨਿਖੇਧੀ ਕੀਤੀ। ਮੀਟਿੰਗ ਵਿੱਚ ਬਸ਼ੀਰ ਉਲ ਹੱਕ, ਅਨਵਾਰ ਮੁਹੰਮਦ, ਅਵਿਨਾਸ਼ ਚੋਪੜਾ, ਇਕਬਾਲ ਸਿੰਘ, ਬਲਦੇਵ ਸਿੰਘ, ਭਜਨ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।