ਪੱਤਰ ਪ੍ਰੇਰਕ
ਦੋਰਾਹਾ, 28 ਜੂਨ
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇੱਕ ਹਜ਼ਾਰ ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਛੇਤੀ ਮੁਕੰਮਲ ਕਰ ਲਈ ਜਾਵੇਗੀ। ਉਹ ਅੱਜ ਦੋਰਾਹਾ ਵਿਖੇ ਬਿਰਧ ਆਸ਼ਰਮ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ-ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਇਸ ਮੌਕੇ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਤੋਂ ਇਲਾਵਾ ਐਸ.ਪੀ. (ਆਈ) ਖੰਨਾ ਡਾ. ਪ੍ਰਗਿਆ ਜੈਨ, ਐੱਸਡੀਐੱਮ ਜਸਲੀਨ ਕੌਰ ਭੁੱਲਰ, ਡੀਐੱਸਪੀ ਪਾਇਲ ਹਰਸਿਮਰਤ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਦੀ ਕੋਠੀ ਦਾ ਘਿਰਾਓ 2 ਨੂੰ
ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 2 ਜੁਲਾਈ ਨੂੰ ਫ਼ਰੀਦਕੋਟ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਬੁਰਜ ਹਰੀ ਸਿੰਘ ਅਤੇ ਜਸਵੀਰ ਕੌਰ ਤਲਵੰਡੀ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਲਗਪਗ 54 ਹਜ਼ਾਰ ਆਂਗਣਵਾੜੀ ਵਰਕਰ ਅਤੇ ਹੈਲਪਰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਦੀ ਉਡੀਕ ਕਰ ਰਹੀਆਂ ਹਨ, ਪਰ ਸੂਬਾ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ ‘ਤੇ ਜੂੰ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ 19 ਮਈ ਨੂੰ ਜਥੇਬੰਦੀ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਤਨਖ਼ਾਹਾਂ ਤੋਂ ਇਲਾਵਾ 12 ਸੂਤਰੀ ਮੰਗ ਪੱਤਰ ‘ਤੇ ਗੱਲਬਾਤ ਕਰ ਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਨਾ ਤਾਂ ਤਨਖ਼ਾਹਾਂ ਮਿਲੀਆਂ ਅਤੇ ਨਾ ਹੀ ਹੋਰਨਾਂ ਮੰਗਾਂ ਦਾ ਨਿਪਟਾਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਰਕਰਾਂ ਤੇ ਹੈਲਪਰਾਂ ਇਸ ਨਿਗੂਣੇ ਜਿਹੇ ਮਾਣ ਭੱਤੇ ‘ਤੇ ਹੀ ਗੁਜ਼ਾਰਾ ਕਰਦੀਆਂ ਹਨ।